Punjab

ਪੰਜਾਬ ’ਚ ਝੱਖੜ ਤੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ

ਚੰਡੀਗੜ੍ਹ-ਪੰਜਾਬ ਵਿੱਚ ਲੰਘੀ ਰਾਤ ਝੱਖੜ ਤੇ ਮੀਂਹ ਨੇ ਕਿਸਾਨਾਂ ਨੂੰ ਚਿੰਤਾ ਵਿੱਚ ਡੋਬ ਦਿੱਤਾ ਹੈ। ਸੂਬੇ ਭਰ ’ਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਕਈ ਇਲਾਕਿਆਂ ’ਚ ਖੇਤਾਂ ਵਿੱਚ ਵਾਢੀ ਲਈ ਤਿਆਰ ਖੜ੍ਹੀ ਕਣਕ ਦੀ ਫ਼ਸਲ ਵਿਛਾ ਦਿੱਤੀ ਹੈ। ਇਸ ਤੋਂ ਇਲਾਵਾ ਕਈ ਇਲਾਕਿਆਂ ਵਿੱਚ ਦਰੱਖਤ ਜੜ੍ਹੋਂ ਪੁੱਟਣ ਤੇ ਬਿਜਲੀ ਦੇ ਖੰਭੇ ਡਿੱਗਣ ਦੀ ਸੂਚਨਾ ਵੀ ਪ੍ਰਾਪਤ ਹੋਈ ਹੈ।

ਮੌਸਮ ਵਿਭਾਗ ਅਨੁਸਾਰ ਲੰਘੀ ਰਾਤ ਗੁਰਦਾਸਪੁਰ ਤੇ ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ ਮੀਂਹ ਪਿਆ ਹੈ। ਗੁਰਦਾਸਪੁਰ ਵਿੱਚ 18.8 ਐੱਮਐੱਮ ਤੇ ਹੁਸ਼ਿਆਰਪੁਰ ਵਿੱਚ 18 ਐੱਮਐੱਮ ਮੀਂਹ ਪਿਆ ਹੈ। ਦੇਰ ਰਾਤ ਝੱਖੜ ਤੋਂ ਬਾਅਦ ਪੰਜਾਬ ਦੇ ਦਰਜਨ ਤੋਂ ਵੱਧ ਸ਼ਹਿਰਾਂ ਵਿੱਚ ਮੀਂਹ ਪਿਆ ਹੈ। ਹਾਲਾਂਕਿ ਅੱਜ ਸਵੇਰ ਹੁੰਦਿਆਂ ਮੌਸਮ ਸਾਫ ਹੋ ਗਿਆ ਸੀ। ਪੰਜਾਬ ਵਿੱਚ ਕਈ ਥਾਵਾਂ ’ਤੇ ਕਣਕ ਦੀ ਵਾਢੀ ਜਾਰੀ ਹੈ। ਦੂਜੇ ਪਾਸੇ ਮੀਂਹ ਕਰਕੇ ਮੰਡੀਆਂ ਵਿੱਚ ਪਈ ਕਣਕ ਵੀ ਭਿੱਜਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ ਸੂਬਾ ਸਰਕਾਰ ਵੱਲੋਂ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ।

ਮੌਸਮ ਵਿਭਾਗ ਅਨੁਸਾਰ ਲੰਘੀ ਰਾਤ ਚੰਡੀਗੜ੍ਹ ਵਿੱਚ 8.3 ਐੱਮਐੱਮ, ਅੰਮ੍ਰਿਤਸਰ ਵਿੱਚ 4.5, ਪਠਾਨਕੋਟ ਵਿੱਚ 3.2, ਬੱਲੋਵਾਲ ਵਿੱਚ 10.7, ਮੁਹਾਲੀ ਵਿੱਚ ਇਕ ਤੇ ਰੂਪਨਗਰ ਵਿੱਚ 10.5 ਐੱਮਐੱਮ ਮੀਂਹ ਪਿਆ ਹੈ। ਇਸ ਤੋਂ ਇਲਾਵਾ ਜਲੰਧਰ, ਫਤਹਿਗੜ੍ਹ ਸਾਹਿਬ ਤੇ ਹੋਰ ਕਈ ਇਲਾਕਿਆਂ ਵਿੱਚ ਹਲਕਾ ਮੀਂਹ ਪਿਆ ਹੈ।

ਅੱਜ ਤੇ ਭਲਕੇ ਮੀਂਹ ਤੇ ਹਨੇਰੀ ਦਾ ਅਲਰਟ

ਮੌਸਮ ਵਿਗਿਆਨੀਆਂ ਨੇ 18 ਤੇ 19 ਅਪਰੈਲ ਨੂੰ ਮੁੜ ਤੋਂ ਮੌਸਮ ਖਰਾਬ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਲਈ ਮੌਸਮ ਵਿਭਾਗ ਨੇ ਔਰੇਂਜ ਅਲਰਟ ਵੀ ਜਾਰੀ ਕਰ ਦਿੱਤਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 18 ਅਪਰੈਲ ਨੂੰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਤੇ ਕਈ ਇਲਾਕਿਆਂ ਵਿੱਚ ਹਲਕਾ ਤੇ ਦਰਮਿਆਨਾ ਮੀਂਹ ਪਵੇਗਾ।