ਸਰਹੱਦੀ ਖੇਤਰ ’ਚੋਂ ਛੇ ਪਿਸਤੌਲ ਤੇ 14 ਮੈਗਜ਼ੀਨ ਬਰਾਮਦ
ਅੰਮ੍ਰਿਤਸਰ-ਬੀਐੱਸਐੱਫ ਨੇ ਪੰਜਾਬ ਪੁਲੀਸ ਦੇ ਸਹਿਯੋਗ ਨਾਲ ਕੀਤੇ ਸਾਂਝੇ ਅਪਰੇਸ਼ਨ ਵਿੱਚ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਮਹਾਵਾ ਦੇ ਖੇਤਾਂ ਵਿੱਚੋਂ ਪੈਕੇਟ ਬਰਾਮਦ ਕੀਤਾ ਹੈ, ਜਿਸ ਵਿੱਚੋਂ ਛੇ ਪਿਸਤੌਲ ਅਤੇ 14 ਮੈਗਜ਼ੀਨ ਬਰਾਮਦ ਹੋਏ ਹਨ। ਬੀਐੱਸਐੱਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਅਗਾਊਂ ਸੂਚਨਾ ਦੇ ਆਧਾਰ ’ਤੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ ਜਿਸ ਤਹਿਤ ਪਿੰਡ ਮਹਾਵਾ ਦੇ ਖੇਤਾਂ ਵਿੱਚ ਪੈਕੇਟ ਬਰਾਮਦ ਹੋਇਆ। ਸੁਰੱਖਿਆ ਬਲਾਂ ਦੀ ਚੌਕਸੀ ਕਾਰਨ ਪਾਕਿਸਤਾਨ ਵਾਲੇ ਪਾਸਿਉਂ ਹਥਿਆਰਾਂ ਦੀ ਤਸਕਰੀ ਦਾ ਇਹ ਯਤਨ ਸਫਲ ਨਹੀਂ ਹੋ ਸਕਿਆ।
ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਮਾਮਲੇ ਦੀ ਚੱਲ ਰਹੀ ਜਾਂਚ ਦੌਰਾਨ ਹੈਂਡ ਗ੍ਰਨੇਡ ਅਤੇ 183 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਖੁਲਾਸਾ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਅਪਲੋਡ ਕੀਤੀ ਪੋਸਟ ਰਾਹੀਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਵੱਲੋਂ ਗ੍ਰਿਫ਼ਤਾਰ ਬਲਜਿੰਦਰ ਸਿੰਘ ਕੋਲੋਂ ਕੀਤੀ ਗਈ ਪੁੱਛ ਪੜਤਾਲ ਦੌਰਾਨ ਇਹ ਬਰਾਮਦਗੀ ਹੋਈ ਹੈ। ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 11 ਅਪਰੈਲ ਨੂੰ ਇਸ ਸਬੰਧ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ ਪੁਲੀਸ ਨੇ ਪੁਲਵਿੰਦਰ ਸਿੰਘ ਉਰਫ ਪਾਲਾ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ, ਜਿਸ ਕੋਲੋਂ ਪਿਸਤੌਲ ਅਤੇ 523 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਦੋਵੇਂ ਮੁਲਜ਼ਮ ਗੈਂਗਸਟਰ ਹੈਪੀ ਪਸ਼ੀਆਂ ਦੇ ਸੰਪਰਕ ਵਿੱਚ ਸਨ ਅਤੇ ਉਸ ਦੇ ਨਿਰਦੇਸ਼ ’ਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ।