ਪੰਜਾਬ ਸਰਕਾਰ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਗਿਰਦਾਵਰੀ ਕਰਵਾਉਣ ਦੇ ਨਿਰਦੇਸ਼
ਚੰਡੀਗੜ੍ਹ-ਪੰਜਾਬ ਵਿੱਚ ਵਾਢੀ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ। ਇਸੇ ਦੌਰਾਨ ਲੰਘੀ ਸ਼ਾਮ ਨੂੰ ਹਨੇਰੀ ਤੇ ਝੱਖੜ ਤੋਂ ਬਾਅਦ ਪਏ ਮੀਂਹ ਤੇ ਗੜੇਮਾਰੀ ਨੇ ਸੂਬੇ ਦੇ ਦਰਜਨ ਜ਼ਿਲ੍ਹਿਆਂ ਵਿੱਚ ਕਿਸਾਨਾਂ ਦੀ ਫ਼ਸਲ ਦਾ ਕਾਫੀ ਨੁਕਸਾਨ ਕਰ ਦਿੱਤਾ ਹੈ। ਇਸ ਦੌਰਾਨ ਖੇਤਾਂ ਵਿੱਚ ਖੜ੍ਹੀ ਫ਼ਸਲ ਦੇ ਨਾਲੋਂ-ਨਾਲ ਮੰਡੀਆਂ ਵਿੱਚ ਪਈ ਫ਼ਸਲ ਵੀ ਭਿੱਜ ਗਈ ਹੈ, ਜਿਸ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਇਸੇ ਦੌਰਾਨ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਗਿਰਦਾਵਰੀ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਹੈ। ਸ੍ਰੀ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹੇ ਦੀ ਰਿਪੋਰਟ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਰਿਪੋਰਟ ਅੱਗੇ ਮਾਲ ਮਹਿਕਮੇ ਕੋਲ ਭੇਜੀ ਜਾਵੇਗੀ, ਜਿਸ ਤੋਂ ਬਾਅਦ ਫ਼ਸਲਾਂ ਦੇ ਖਰਾਬੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।