ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਪਹਿਲਾਂ ਤੋਂ ਹੀ ਇਸ ਐਕਸ਼ਨ ਦਾ ਐਲਾਨ ਕੀਤਾ ਹੋਇਆ ਸੀ। ਇਸ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਬਲਾਕ ਪਾਤੜਾਂ ਵੱਲੋਂ ਹਲਕਾ ਵਿਧਾਇਕ ਨੂੰ ਸਵਾਲ-ਜਵਾਬ ਕਰਨ ਦੇ ਲਈ ਪਿੰਡ ਭੂਤਗੜ੍ਹ ’ਚ ਬਲਾਕ ਆਗੂ ਮਨਦੀਪ ਸਿੰਘ ਭੂਤਗੜ੍ਹ ਦੀ ਅਗਵਾਈ ਵਿੱਚ ਵੱਡਾ ਇਕੱਠ ਕੀਤਾ ਗਿਆ। ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ’ਚ ਕਿਸਾਨ ਤੇ ਔਰਤਾਂ ਪਿੰਡ ਭੂਤਗੜ੍ਹ ’ਚ ਇਕੱਤਰ ਹੋਣੇ ਸ਼ੁਰੂ ਹੋ ਗਏ। ਪੁਲੀਸ ਨੇ ਸਖ਼ਤ ਬੈਰੀਕੇਡਿੰਗ ਕਰਕੇ ਕਿਸਾਨਾਂ ਨੂੰ ਸਕੂਲ ਦੇ ਬਾਹਰ ਹੀ ਰੋਕੀ ਰੱਖਿਆ। ਕਿਸਾਨ ਅਤੇ ਔਰਤਾਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੂੰ ਸ਼ਾਂਤਮਈ ਢੰਗ ਸਵਾਲ-ਜਵਾਬ ਕਰਨ ਲਈ ਇਕੱਤਰ ਹੋਏ ਸਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਮੋਦੀ ਸਰਕਾਰ ਦੀ ਕਥਿਤ ਸ਼ਹਿ ’ਤੇ ਸ਼ੰਭੂ ਤੇ ਖਨੌਰੀ ਬਾਰਡਰਾਂ ਤੋਂ ਕਿਸਾਨ ਮੋਰਚੇ ਚੁਕਵਾਏ ਗਏ, ਜਿਥੋਂ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਸਮਾਨ ਤੋੜ ਵੀ ਦਿੱਤਾ ਗਿਆ ਤੇ ਟਰੈਕਟਰ-ਟਰਾਲੀਆਂ ਸਣੇ ਹੋਰ ਸਮਾਨ ਚੋਰੀ ਹੋ ਗਿਆ। ਪਿੰਡ ਭੂਤਗੜ੍ਹ ’ਚ ਇਕੱਠੇ ਹੋਏ ਕਿਸਾਨਾਂ ਨੇ ਕਿਹਾ ਕਿ ਉਹ ਵਿਧਾਇਕ ਨੂੰ ਇਹੀ ਪੁੱਛਣਾ ਚਾਹੁੰਦੇ ਹਨ ਕਿ ਕਿਸਾਨਾਂ ਦੀ ਹਮਾਇਤੀ ਕਹਾਉਣ ਵਾਲੀ ਸਰਕਾਰ ਵੱਲੋਂ ਮੋਰਚੇ ਨੂੰ ਕਿਉਂ ਖਦੇੜਿਆ ਗਿਆ? ਆਗੂਆਂ ਨੇ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਨੇਤਾ ਨੇ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਥਾਂ ਪ੍ਰਸ਼ਾਸਨ ਦੇ ਜ਼ੋਰ ਨਾਲ ਆਪਣਾ ਪ੍ਰੋਗਰਾਮ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦੇ ਸੁਆਲਾਂ ਦੇ ਜਵਾਬ ਦੇਣ ਤੋਂ ਭੱਜ ਕੇ ਭਾਜਪਾ ਦੀ ਝੋਲੀ ਪੈ ਚੁੱਕੀ ‘ਆਮ ਆਦਮੀ ਪਾਰਟੀ’ ਨੇ ਲੋਕ ਵਿਰੋਧੀ ਤੇ ਕਿਸਾਨ ਮਜ਼ਦੂਰ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ
ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਉਦਘਾਟਨੀ ਸਮਾਗਮਾਂ ’ਚ ਕਿਹਾ ਕਿ ਪੰਜਾਬ ਸਰਕਾਰ ਨੇ 17 ਹਜ਼ਾਰ ਸਕੂਲਾਂ ’ਚ ਵਾਈ-ਫਾਈ ਦੀ ਸਹੂਲਤ ਦਿੱਤੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਨਾਲ ਸਿੱਖਿਅਤ ਕੀਤਾ ਜਾ ਸਕੇ। ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਭੂਤਗੜ੍ਹ, ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਹਰਿਆਊ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਹਰਿਆਊ ਖੁਰਦ ਤੇ ਸਰਕਾਰੀ ਮਿਡਲ ਸਕੂਲ ਦਿਓਗੜ੍ਹ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।