Punjab

ਦਿੱਲੀ-ਕੱਟੜਾ ਐਕਸਪ੍ਰੈੱਸਵੇਅ: ਜ਼ਮੀਨ ਦਾ ਕਬਜ਼ਾ ਲੈਣ ਮੌਕੇ ਕਿਸਾਨਾਂ ਤੇ ਪੁਲੀਸ ਵਿਚਾਲੇ ਝੜਪ

ਗੁਰਦਾਸਪੁਰ-ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਨੂੰ ਮੁਕੰਮਲ ਕਰਨ ਲਈ ਨੈਸ਼ਨਲ ਹਾਈਵੇਅ ਅਥਾਰਿਟੀ ਵੱਲੋਂ ਕਿਸਾਨਾਂ ਦੀ ਜ਼ਮੀਨ ਦਾ ਕਬਜ਼ਾ ਲੈਣ ਮੌਕੇ ਬਲਾਕ ਕਾਹਨੂੰਵਾਨ ਦੇ ਪਿੰਡ ਕਾਲਾ ਬਾਲਾ ਨੇੜੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੋਂ ਇਲਾਵਾ ਕਿਸਾਨ ਬੀਬੀਆਂ ਤੇ ਲੋਕਾਂ ਨੇ ਪੁਲੀਸ ਫੋਰਸ ਦੀ ਮੌਜੂਦਗੀ ਦੇ ਬਾਵਜੂਦ ਜ਼ਮੀਨਾਂ ਐਕੁਆਇਰ ਕਰਨ ਦਾ ਵਿਰੋਧ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਪ੍ਰਸ਼ਾਸਨਿਕ ਟੀਮਾਂ ਨਾਲ ਝੜਪ ਵੀ ਹੋਈ। ਨੈਸ਼ਨਲ ਹਾਈਵੇਅ ਕੰਢੇ ਵੱਡੀਆਂ ਪੋਕਲੇਨ ਮਸ਼ੀਨਾਂ ਰਾਹੀਂ ਜ਼ਮੀਨਾਂ ’ਤੇ ਕਬਜ਼ਾ ਕੀਤਾ ਜਾ ਰਿਹਾ ਹੈ। ਇਨ੍ਹਾਂ ਮਸ਼ੀਨਾਂ ਨਾਲ ਕਬਜ਼ੇ ਵਾਲੀਆਂ ਜ਼ਮੀਨਾਂ ਦੇ ਬਾਹਰਲੇ ਪਾਸੇ ਡੂੰਘੀਆਂ ਨਾਲੀਆਂ ਬਣਾ ਦਿੱਤੀਆਂ ਗਈਆਂ ਹਨ ਤਾਂ ਜੋ ਕਿਸਾਨ ਦੁਬਾਰਾ ਇਨ੍ਹਾਂ ਜ਼ਮੀਨਾਂ ’ਤੇ ਕਬਜ਼ਾ ਨਾ ਕਰ ਸਕਣ।

ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਲਖਵਿੰਦਰ ਸਿੰਘ ਕਾਲਾ ਬਾਲਾ ਅਤੇ ਉਨ੍ਹਾਂ ਦੇ ਸਾਥੀਆਂ ਦੀ ਅਗਵਾਈ ਹੇਠ ਕਿਸਾਨਾਂ ਨੇ ਇਨ੍ਹਾਂ ਕਬਜ਼ਿਆਂ ਦਾ ਵਿਰੋਧ ਕੀਤਾ। ਬੀਬੀ ਹਰਜੀਤ ਕੌਰ ਨੈਣੇਕੋਟ ਤੇ ਹੋਰ ਵੱਡੀ ਗਿਣਤੀ ਵਿੱਚ ਕਿਸਾਨ ਬੀਬੀਆਂ ਨੇ ਨੈਸ਼ਨਲ ਹਾਈਵੇਅ ਅਥਾਰਿਟੀ ਅਤੇ ਪੰਜਾਬ ਪੁਲੀਸ ਦੀ ਕਾਰਵਾਈ ਦਾ ਵਿਰੋਧ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਵੱਲੋਂ ਉਨ੍ਹਾਂ ਨਾਲ ਖਿੱਚ-ਧੂਹ ਕੀਤੀ ਗਈ ਹੈ ਅਤੇ ਬਹੁਤ ਸਾਰੇ ਕਿਸਾਨਾਂ ’ਤੇ ਜ਼ੁਲਮ ਕਰਦਿਆਂ ਉਨ੍ਹਾਂ ਨੂੰ ਗੱਡੀਆਂ ਵਿੱਚ ਬਿਠਾ ਕੇ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਉੱਥੇ ਪਹੁੰਚੇ ਏਡੀਸੀ ਗੁਰਦਾਸਪੁਰ ਹਰਜਿੰਦਰ ਸਿੰਘ ਬੇਦੀ ਨੇ ਵੀ ਮੌਕੇ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪੁਲੀਸ ਫੋਰਸ ਅਤੇ ਸਿਵਲ ਪ੍ਰਸ਼ਾਸਨ ਨੂੰ ਕਿਸਾਨਾਂ ਦੇ ਮਸਲਿਆਂ ਨੂੰ ਦੇਖਦੇ ਹੋਏ ਹੱਲ ਕਰਨ ਦਾ ਵੀ ਦਾਅਵਾ ਕੀਤਾ।