ਕਿਸਾਨਾਂ ਵੱਲੋਂ ਕਬਜ਼ਾ ਲੈਣ ਆਏ ਅਧਿਕਾਰੀਆਂ ਦਾ ਵਿਰੋਧ
ਸ੍ਰੀਹਰਗੋਬਿੰਦਪੁਰ-ਇੱਥੋਂ ਨੇੜਲੇ ਪਿੰਡ ਚੀਮਾ ਖੁੱਡੀ ਵਿੱਚ ਜੰਮੂ-ਕੱਟੜਾ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਕਬਜ਼ਾ ਲੈਣ ਪਹੁੰਚੇ ਅਧਿਕਾਰੀਆਂ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਮੌਕੇ ’ਤੇ ਪਹੁੰਚੇ ਏਡੀਸੀ ਗੁਰਦਾਸਪੁਰ, ਐੱਸਡੀਐੱਮ ਡੇਰਾ ਬਾਬਾ ਨਾਨਕ, ਐੱਸਪੀ ਗੁਰਪ੍ਰਤਾਪ ਸਿੰਘ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਬਜ਼ਾ ਲੈਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਗਈ ਪਰ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਹਰਵਿੰਦਰ ਸਿੰਘ ਮਸਾਣੀਆਂ ਅਤੇ ਹੋਰ ਕਿਸਾਨਾਂ ਨੇ ਕਿਹਾ ਕਿ ਜਦ ਤੱਕ ਉਨ੍ਹਾਂ ਨੂੰ ਜ਼ਮੀਨ ਦੇ ਪੂਰੇ ਪੈਸੇ ਨਹੀਂ ਮਿਲ ਜਾਂਦੇ ਉਦੋਂ ਤੱਕ ਉਹ ਜ਼ਮੀਨ ’ਤੇ ਕਬਜ਼ਾ ਨਹੀਂ ਹੋਣ ਦੇਣਗੇ। ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਜ਼ਮੀਨ ਦੇ ਪੈਸੇ ਦੇ ਦਿੱਤੇ ਗਏ ਹਨ। ਇਸ ਦੌਰਾਨ ਕਿਸਾਨਾਂ ਵੱਲੋਂ ਵਿਰੋਧ ਕਰਨ ’ਤੇ ਪੁਲੀਸ ਨੇ ਕਿਸਾਨ ਆਗੂ ਹਰਵਿੰਦਰ ਸਿੰਘ ਮਸਾਣੀਆਂ ਸਣੇ ਦੋ ਦਰਜਨ ਤੋਂ ਵੱਧ ਕਿਸਾਨਾਂ, ਬੀਬੀਆਂ ਨੂੰ ਹਿਰਾਸਤ ਵਿੱਚ ਲੈ ਕੇ ਬੱਸ ਵਿੱਚ ਬਿਠਾ ਲਿਆ। ਇਸ ਦੌਰਾਨ ਕਿਸਾਨਾਂ ਵੱਲੋਂ ਰਸਤੇ ਵਿੱਚ ਟਰੈਕਟਰ ਟਰਾਲੀਆਂ ਲਾ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਮਸਾਣੀਆਂ ਸਣੇ ਦਰਜਨ ਤੋ ਵੱਧ ਕਿਸਾਨਾਂ ਨੂੰ ਛੁਡਵਾ ਲਿਆ। ਇਸ ਮੌਕੇ ਹਰਵਿੰਦਰ ਸਿੰਘ ਮਸਾਣੀਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਅਦਾਖ਼ਿਲਾਫ਼ੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਧੱਕੇ ਨਾਲ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਕਬਜ਼ਾ ਕਰ ਕੇ ਕਿਸਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਇਸ ਦਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਨੂੰ ਖਮਿਆਜ਼ਾ ਭੁਗਤਣਾ ਪਵੇਗਾ।