ਵਿਦਿਆਰਥੀਆਂ ਨੂੰ ਹਵਾਈ ਫ਼ੌਜ ਵਿੱਚ ਭਰਤੀ ਲਈ ਪ੍ਰੇਰਿਆ
ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਕਰੀਅਰ ਕੈਂਪ ਲਾਇਆ ਗਿਆ ਜਿਸ ਵਿੱਚ ਦਿੱਲੀ ਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਦਿੱਲੀ ਦੇ ਆਸ ਪਾਸ ਦੇ ਹੋਰ ਸਕੂਲਾਂ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ। ਕਮੇਟੀ ਵੱਲੋਂ ਹਰ ਸਾਲ ਹੀ ਇਹ ਕੈਂਪ ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜੇ ਆਉਣ ਤੋਂ ਬਾਅਦ ਲਾਇਆ ਜਾਂਦਾ ਹੈ। ਇਸ ਕੈਂਪ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚਾਰ ਕਾਲਜਾਂ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ, ਮਾਤਾ ਸੁੰਦਰੀ ਕਾਲਜ ਫਾਰ ਵਿਮੈਨ, ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਅਤੇ ਗੁਰੂ ਨਾਨਕ ਕਾਲਜ ਦੇਵ ਨਗਰ ਦੇ ਸਟਾਫ ਵੱਲੋਂ ਵੀ ਇੱਥੇ ਆਪਣੇ ਸਟਾਲ ਲਾਏ ਗਏ। ਇਹ ਕੈਂਪ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿੱਚ ਲੱਖੀ ਸ਼ਾਹ ਵਣਜਾਰਾ ਹਾਲ ਅੰਦਰ ਲਾਇਆ ਗਿਆ। ਵਿਦਿਆਰਥੀਆਂ ਨੇ ਭਾਰਤੀ ਹਵਾਈ ਸੈਨਾ ਵੱਲੋਂ ਲਾਏ ਗਏ ਸਟਾਲ ਵਿੱਚ ਖਾਸੀ ਦਿਲਚਸਪੀ ਦਿਖਾਈ ਅਤੇ ਉਨ੍ਹਾਂ ਨੇ ਭਾਰਤੀ ਹਵਾਈ ਸੈਨਾ ਵਿੱਚ ਨੌਕਰੀ ਕਰਨ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕੀਤੀ। ਭਾਰਤੀ ਫੌਜ ਵੱਲੋਂ ਵਿਸ਼ੇਸ਼ ਤੌਰ ’ਤੇ ਆਪਣੀ ਬੱਸ ਭੇਜੀ ਗਈ ਸੀ ਅਤੇ ਇੱਕ ਲਘੂ ਫਿਲਮ ਰਾਹੀਂ ਵਿਦਿਆਰਥੀਆਂ ਨੂੰ ਹਵਾਈ ਸੈਨਾ ਵਿੱਚ ਭਰਤੀ ਹੋਣ ਲਈ ਪ੍ਰੇਰਿਆ ਗਿਆ। ਇਸ ਕੈਂਪ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਹੋਰ ਆਗੂਆਂ ਨੇ ਸ਼ਿਰਕਤ ਕੀਤੀ।
