Punjab

ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਵਸ ਸਬੰਧੀ ਸਮਾਗਮਾਂ ਨੂੰ ਪ੍ਰਵਾਨਗੀ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਆਪਣੇ ਸਰਕਾਰੀ ਨਿਵਾਸ ’ਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਵੇਂ ਗੁਰੂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਲੜੀਵਾਰ ਸਮਾਗਮ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ ’ਤੇ ਖੋਜ ਕਾਰਜਾਂ ਲਈ ਪੰਜਾਬੀ ਯੂਨੀਵਰਸਿਟੀ (ਪਟਿਆਲਾ) ਵਿੱਚ ਚੇਅਰ ਸਥਾਪਤ ਕੀਤੀ ਜਾਵੇਗੀ। ਗੁਰੂ ਸਾਹਿਬ ਦੇ ਇਤਿਹਾਸ ਨੂੰ ਬਿਆਨਦਾ ਕਿਤਾਬਚਾ ਜਾਰੀ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਦੀ ਬਾਣੀ ’ਤੇ ਵੀ ਬੁੱਕਲੈੱਟ ਜਾਰੀ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਆਨੰਦਪੁਰ ਸਾਹਿਬ ਵਿੱਚ ਅੰਡਰ-17 ਫੁੱਟਬਾਲ ਟੂਰਨਾਮੈਂਟ ਦੇ ਨਾਲ-ਨਾਲ ਰਾਜ ਭਰ ਵਿੱਚ ਵਿਸ਼ਵ ਸਾਂਤੀ ਸੰਮੇਲਨ, ਵਿਸ਼ਵ ਅੰਤਰ-ਧਰਮ ਸੰਮੇਲਨਾਂ ਸਣੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੈਮੀਨਾਰ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਦੀ ਸ਼ਾਨਾਮੱਤੀ ਵਿਰਾਸਤ ਨੂੰ ਸਦੀਵੀ ਰੱਖਣ ਲਈ ਜੰਮੂ ਤੋਂ ਦਿੱਲੀ ਵਾਇਆ ਬਾਬਾ ਬਕਾਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਤੱਕ ਯਾਤਰਾ ਕੱਢੀ ਜਾਵੇਗੀ। ਉਨ੍ਹਾਂ ਕਿਹਾ ਕਿ ਰੂਪਨਗਰ, ਮਾਨਸਾ, ਬਠਿੰਡਾ, ਪਟਿਆਲਾ, ਜਲੰਧਰ, ਸੰਗਰੂਰ, ਐੱਸਬੀਐੱਸ ਨਗਰ, ਤਰਨ ਤਾਰਨ, ਸ੍ਰੀ ਫਤਿਹਗੜ੍ਹ ਸਾਹਿਬ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਸਰ, ਐੱਸਏਐੱਸ ਨਗਰ ਸਣੇ ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 63 ਥਾਵਾਂ ’ਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਜਾਵੇਗਾ। ਸੂਬਾ ਸਰਕਾਰ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਫਲਸਫੇ ’ਤੇ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ।