Punjab

ਸੁਖਦੇਵ ਸਿੰਘ ਢੀਂਡਸਾ ਦਾ ਉਭਾਵਾਲ ’ਚ ਸਸਕਾਰ ਅੱਜ

ਚੰਡੀਗੜ੍ਹ/ਸੰਗਰੂਰ-ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸੰਸਕਾਰ ਭਲਕੇ 30 ਮਈ ਨੂੰ ਉਨ੍ਹਾਂ ਦੇ ਸੰਗਰੂਰ ਨੇੜਲੇ ਜੱਦੀ ਪਿੰਡ ਉਭਾਵਾਲ ਵਿਚਲੀ ਜ਼ਮੀਨ (ਨੇੜੇ ਨਵੀਂ ਇਮਾਰਤ ਕੇਂਦਰੀ ਵਿਦਿਆਲਿਆ) ਵਿਚ ਬਾਅਦ ਦੁਪਹਿਰ ਤਿੰਨ ਵਜੇ ਕੀਤਾ ਜਾਵੇਗਾ। ਸਸਕਾਰ ’ਚ ਸ਼ਾਮਲ ਹੋਣ ਵਾਲੇ ਲੋਕਾਂ ਵਾਸਤੇ ਧੁੱਪ ਅਤੇ ਗਰਮੀ ਨੂੰ ਮੁੱਖ ਰੱਖਦਿਆਂ ਟੈਂਟ ਲਗਾ ਕੇ ਛਾਂ ਦੇ ਪ੍ਰਬੰਧ ਕੀਤੇ ਗਏ ਹਨ। ਵੀਵੀਆਈਪੀ ਲਈ ਵੱਖਰੇ ਤੌਰ ’ਤੇ ਟੈਂਟ ਲਗਾਇਆ ਗਿਆ ਹੈ। ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਹਵਾਲੇ ਨਾਲ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਨਿੱਜੀ ਸਹਾਇਕ ਵਰਿੰਦਰਪਾਲ ਸਿੰਘ ਟੀਟੂ ਅਤੇ ਮੀਡੀਆ ਇੰਚਾਰਜ ਗੁਰਮੀਤ ਸਿੰਘ ਜੌਹਲ ਨੇ ਦੱਸਿਆ ਕਿ ਸੁਖਦੇਵ ਸਿੰਘ ਢੀਂਡਸਾ ਦੀ ਮ੍ਰਿਤਕ ਦੇਹ ਚੰਡੀਗੜ੍ਹ ਤੋਂ ਸੰਗਰੂਰ ਸਥਿਤ ਨਾਨਕਿਆਣਾ ਚੌਕ ਨੇੜੇ ਰਿਹਾਇਸ਼ ’ਤੇ ਲਿਆਂਦੀ ਜਾਵੇਗੀ। ਇਸ ਤੋਂ ਬਾਅਦ ਅੰਤਿਮ ਯਾਤਰਾ ਜੱਦੀ ਪਿੰਡ ਉਭਾਵਾਲ ਲਈ ਰਵਾਨਾ ਹੋਵੇਗੀ। ਇਸ ਤੋਂ ਪਹਿਲਾਂ ਚੰਡੀਗੜ੍ਹ ਤੋਂ ਆਉਂਦਿਆਂ ਜ਼ਿਲ੍ਹਾ ਸੰਗਰੂਰ ਦੀ ਹੱਦ ’ਤੇ ਪਿੰਡ ਚੰਨੋਂ, ਉਸ ਤੋਂ ਬਾਅਦ ਭਵਾਨੀਗੜ੍ਹ ਅਤੇ ਫ਼ਿਰ ਵੇਰਕਾ ਮਿਲਕ ਪਲਾਂਟ ਸੰਗਰੂਰ ਵਿਚ ਲੋਕਾਂ ਵਲੋਂ ਅੰਤਿਮ ਦਰਸ਼ਨ ਕਰਕੇ ਵਿਛੜੇ ਆਗੂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।

ਸਿਆਸੀ ਆਗੂਆਂ ਵੱਲੋਂ ਢੀਂਡਸਾ ਪਰਿਵਾਰ ਨਾਲ ਦੁੱਖ ਸਾਂਝਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਮ੍ਰਿਤਕ ਦੇਹ ਨੂੰ ਅੱਜ ਮੁਹਾਲੀ ਦੇ ਫੋਰਟਿਸ ਹਸਪਤਾਲ ਤੋਂ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਸੈਕਟਰ ਦੋ ਵਿਚਲੀ ਰਿਹਾਇਸ਼ ’ਤੇ ਲਿਜਾਇਆ ਗਿਆ। ਉਨ੍ਹਾਂ ਦਾ ਸਸਕਾਰ ਸੰਗਰੂਰ ਜ਼ਿਲ੍ਹੇ ਦੇ ਪਿੰਡ ਉਭਾਵਾਲ ਵਿੱਚ ਬਾਅਦ ਦੁਪਹਿਰ ਤਿੰਨ ਵਜੇ ਹੋਵੇਗਾ। ਉਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸੰਗਰੂਰ ਵਿਚ ਸਵੇਰ 10.30 ਵਜੇ ਤੋਂ ਬਾਅਦ ਦੋ ਵਜੇ ਤੱਕ ਆਮ ਲੋਕਾਂ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ। ਇੱਥੇ ਢੀਂਡਸਾ ਪਰਿਵਾਰ ਨਾਲ ਅੱਜ ਧਾਰਮਿਕ, ਸਮਾਜਿਕ ਤੇ ਰਾਜਸੀ ਸ਼ਖ਼ਸੀਅਤਾਂ ਨੇ ਦੁੱਖ ਪ੍ਰਗਟ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਬੀਰੇਂਦਰ ਗੋਇਲ ਵੱਲੋਂ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪਹੁੰਚ ਕੇ ਢੀਂਡਸਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਮੰਤਰੀ ਬਿਕਰਮ ਮਜੀਠੀਆ, ਮਜੀਠਾ ਤੋਂ ਵਿਧਾਇਕਾ ਗੁਨੀਵ ਕੌਰ ਮਜੀਠਾ, ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤੇ ਪਰਨੀਤ ਕੌਰ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਭਾਜਪਾ ਤੋਂ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪਰਮਿੰਦਰ ਸਿੰਘ ਢੀਂਡਸਾ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸੇ ਤਰ੍ਹਾਂ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਵਿਧਾਇਕ ਪਰਗਟ ਸਿੰਘ, ਲਾਡੀ ਸ਼ੇਰੋਵਾਲੀਆ ਅਤੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਵੀ ਪੁੱਜੇ। ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਕੱਲ੍ਹ ਸਵੇਰੇ 8 ਵਜੇ ਚੰਡੀਗੜ੍ਹ ਰਿਹਾਇਸ਼ ਤੋਂ ਅੰਤਿਮ ਯਾਤਰਾ ਸ਼ੁਰੂ ਹੋਵੇਗੀ।