ਕਰਜ਼ਾ ਮੁਆਫ਼ੀ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲੀ: ਚੀਮਾ
ਚੰਡੀਗੜ੍ਹ-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਕੈਬਨਿਟ ਵੱਲੋਂ 4,727 ਗ਼ਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ 68 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਨਾਲ ਗ਼ਰੀਬ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਇਹ ਪਰਿਵਾਰ ਦੋ ਦਹਾਕਿਆਂ ਤੋਂ ਇਸ ਵਿੱਤੀ ਬੋਝ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫ਼ ਕੀਤੀ ਗਈ ਕੁੱਲ 68 ਕਰੋੜ ਰੁਪਏ ਵਿੱਚੋਂ 30 ਕਰੋੜ ਰੁਪਏ ਮੂਲ, 22 ਕਰੋੜ ਰੁਪਏ ਵਿਆਜ ਅਤੇ 15 ਕਰੋੜ ਰੁਪਏ ਜੁਰਮਾਨਾ ਵਿਆਜ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗਰੀਬ ਪਰਿਵਾਰਾਂ ਵੱਲੋਂ ਵਾਰ-ਵਾਰ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਤੱਕ ਪਹੁੰਚ ਕੀਤੀ, ਪਰ ਉਨ੍ਹਾਂ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ। ਉਨ੍ਹਾਂ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਜਾਰੀ ਕੀਤੇ ਗਏ ਕਰਜ਼ਿਆਂ ਦੀ ਮੁੜ ਅਦਾਇਗੀ (ਰਿਕਵਰੀ) 84 ਫ਼ੀਸਦ ਹੈ ਜੋ ਆਮ ਨਾਲੋਂ ਵੱਧ ਹੈ। ਇਸ ਤੋਂ ਸਪਸ਼ਟ ਹੈ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਕਰਜ਼ੇ ਦੀ ਵਰਤੋਂ ਰੋਜ਼ੀ-ਰੋਟੀ ਕਮਾਉਣ ਵਾਸਤੇ ਵਸੀਲੇ ਤਿਆਰ ਕਰਨ ਲਈ ਕੀਤੀ ਗਈ ਹੈ। ਇਨ੍ਹਾਂ ਵਿੱਚੋਂ ਕੁਝ ਕਰਜ਼ੇ ਮੂਲ ਕਰਜ਼ਦਾਰਾਂ ਦੇ ਦੇਹਾਂਤ ਜਾਂ ਨਾ ਟਾਲਣਯੋਗ ਹਾਲਾਤ ਕਾਰਨ ਅਦਾਇਗੀ ਨਾ ਕੀਤੇ ਜਾ ਸਕਣ ਕਾਰਨ ਬਕਾਇਆ ਸਨ। ਇਸ ਲਈ ਪੰਜਾਬ ਸਰਕਾਰ ਨੇ ਇਨ੍ਹਾਂ ਕਰਜ਼ਿਆਂ ਨੂੰ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਹੈ।