‘ਆਪ’ ਦੇ ਵਿਦਿਆਰਥੀ ਸੰਗਠਨ ਵੱਲੋਂ ਮੁੱਖ ਮੰਤਰੀ ਰੇਖਾ ਗੁਪਤਾ ਵਿਰੁੱਧ ਪ੍ਰਦਰਸ਼ਨ
ਨਵੀਂ ਦਿੱਲੀ-ਆਮ ਆਦਮੀ ਪਾਰਟੀ ਦੇ ਵਿਦਿਆਰਥੀ ਸੰਗਠਨ ‘ਆਸਪ’ ਨੇ ਦਿੱਲੀ ਦੇ ਨਹਿਰੂ ਵਿਹਾਰ ਵਿੱਚ 9 ਸਾਲ ਦੀ ਬੱਚੀ ਨਾਲ ਬਲਾਤਕਾਰ ਅਤੇ ਕਤਲ ਨੂੰ ਲੈ ਕੇ ਮੁੱਖ ਮੰਤਰੀ ਰੇਖਾ ਗੁਪਤਾ ਵਿਰੁੱਧ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਰੇਖਾ ਗੁਪਤਾ ਨੇ ਇਥੇ ਸ਼ਿਆਮ ਲਾਲ ਕਾਲਜ ਆਉਣਾ ਸੀ, ਪਰ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ‘ਆਸਪ’ ਨਾਲ ਜੁੜੇ ਵਿਦਿਆਰਥੀਆਂ ਨੇ ਕਾਲਜ ਦੇ ਬਾਹਰ ਨਾਅਰੇਬਾਜ਼ੀ ਕੀਤੀ। ‘ਆਸਪ’ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਵਿੱਤੀ ਮਦਦ ਦਿੱਤੀ ਜਾਵੇ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
ਪ੍ਰਦਰਸ਼ਨ ਦੌਰਾਨ ‘ਆਸਪ’ ਨੇ ਰੇਖਾ ਗੁਪਤਾ ਨੂੰ ਮਹਿਲਾ ਮੁੱਖ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਦੀ ਜ਼ਿੰਮੇਵਾਰੀ ਯਾਦ ਦਿਵਾਈ। ‘ਆਸਪ’ ਨੇ ਕਿਹਾ ਕਿ ਦਿੱਲੀ ਦੀ ਮੁੱਖ ਮੰਤਰੀ ਇੱਕ ਔਰਤ ਹੈ ਅਤੇ ਉਹ ਇੱਕ ਮਾਂ ਵੀ ਹੈ। ਉਨ੍ਹਾਂ ਨੂੰ ਇੱਕ ਧੀ ਦੀ ਸੁਰੱਖਿਆ ਦੀ ਚਿੰਤਾ ਹੋਣੀ ਚਾਹੀਦੀ ਹੈ, ਪਰ ਅਜਿਹਾ ਨਹੀਂ ਲੱਗਦਾ। ਉਨ੍ਹਾਂ ਕਿਹਾ ਕਿ ਮਹਿਲਾ ਮੁੱਖ ਮੰਤਰੀ ਹੋਣ ਦੇ ਬਾਵਜੂਦ ਔਰਤਾਂ ਅਤੇ ਕੁੜੀਆਂ ਸੁਰੱਖਿਅਤ ਮਾਹੌਲ ਵਿੱਚ ਸਾਹ ਨਹੀਂ ਲੈ ਸਕਦੀਆਂ।
‘ਆਸਪ’ ਨੇ ਕਿਹਾ ਕਿ ਹੁਣ ਦਿੱਲੀ ਵਿੱਚ ਭਾਜਪਾ ਦੀ ਚਾਰ-ਇੰਜਣ ਵਾਲੀ ਸਰਕਾਰ ਹੈ। ਕੇਂਦਰ, ਰਾਜ ਅਤੇ ਐੱਮਸੀਡੀ ਵਿੱਚ ਭਾਜਪਾ ਦੀ ਸਰਕਾਰ ਹੋਣ ਤੋਂ ਇਲਾਵਾ, ਐੱਲਜੀ ਵੀ ਭਾਜਪਾ ਦਾ ਹੈ। ਪੁਲੀਸ-ਪ੍ਰਸ਼ਾਸਨ ਸਭ ਕੁਝ ਭਾਜਪਾ ਦੇ ਹੱਥਾਂ ਵਿੱਚ ਹੈ। ਇਸ ਤੋਂ ਬਾਅਦ ਵੀ, ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਹਨ। ਜਥੇਬੰਦੀ ਨੇ ਮੰਗ ਕੀਤੀ ਕਿ ਇਸ ਘਟਨਾ ਦੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਦੋਸ਼ੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।
ਕੈਪਸ਼ਨ: ਮੁੱਖ ਮੰਤਰੀ ਰੇਖਾ ਗੁਪਤਾ ਖਿਲਾਫ਼ ਪ੍ਰਦਰਸ਼ਨ ਕਰਦੇ ਕਾਰਕੁਨ।