ਪੰਜਾਬ ਦੇ ਸੇਵਾ ਕੇਂਦਰ ਜਨਤਕ ਸੇਵਾਵਾਂ ਦੇਣ ’ਚ ਦੇਸ਼ ’ਚੋਂ ਮੋਹਰੀ: ਅਰੋੜਾ
ਚੰਡੀਗੜ੍ਹ-ਕੈਬਨਿਟ ਮੰਤਰੀ ਅਮਨ ਅਰੋੜ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਜਨਤਕ ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਵਿੱਚ ਸਭ ਤੋਂ ਘੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਲਈ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਜਨਤਕ ਸੇਵਾਵਾਂ ਨੂੰ ਸੇਵਾ ਕੇਂਦਰਾਂ ਰਾਹੀਂ ਇੱਕੋ ਥਾਂ ’ਤੇ ਮੁਹੱਈਆ ਕੀਤਾ ਜਾਂਦਾ ਹੈ, ਜਿਸ ਦਾ ਸੂਬੇ ਦੇ ਵੱਡੀ ਗਿਣਤੀ ਲੋਕ ਲਾਭ ਲੈ ਰਹੇ ਹਨ। ਪੰਜਾਬ ਸਰਕਾਰ ਨੇ ਨਾਗਰਿਕਾਂ ਨੂੰ ਤੈਅ ਸਮੇਂ ਦੇ ਅੰਦਰ 99.98 ਫੀਸਦ ਜ਼ਰੂਰੀ ਸੇਵਾਵਾਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਅੱਜ ਇੱਥੇ ਸੈਕਟਰ-26 ਸਥਿਤ ਮਗਸੀਪਾ ਵਿੱਚ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ ਕੇ ਕੰਮਾਂ ਦਾ ਜਾਇਜ਼ਾ ਲਿਆ। ਸ੍ਰੀ ਅਰੋੜਾ ਨੇ ਕਿਹਾ ਕਿ ਪਿਛਲੇ ਇਕ ਸਾਲ ਵਿੱਚ 18 ਜੂਨ 2024 ਤੋਂ 17 ਜੂਨ 2025 ਤੱਕ ਪੰਜਾਬ ਦੇ 48.85 ਲੱਖ ਤੋਂ ਵੱਧ ਨਾਗਰਿਕਾਂ ਨੇ ਸੇਵਾ ਕੇਂਦਰਾਂ ਰਾਹੀਂ ਵੱਖ-ਵੱਖ ਲੋਕਪੱਖੀ ਸੇਵਾਵਾਂ ਦਾ ਲਾਭ ਉਠਾਇਆ ਹੈ। ਇਨ੍ਹਾਂ ਵਿੱਚੋਂ 99.88 ਫ਼ੀਸਦ ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਅੰਦਰ ਪ੍ਰਦਾਨ ਕੀਤੀਆਂ ਗਈਆਂ। ਸਿਰਫ਼ 5868 ਸੇਵਾਵਾਂ (0.12 ਫ਼ੀਸਦੀ) ਦੀ ਡਿਲਿਵਰੀ ਵਿੱਚ ਨਿਰਧਾਰਤ ਨਾਲੋਂ ਵੱਧ ਸਮਾਂ ਲੱਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 438 ਸੇਵਾਵਾਂ ਦਾ ਲਾਭ ਇੱਕੋ ਥਾਂ ’ਤੇ ਦਿੱਤਾ ਜਾ ਰਿਹਾ ਹੈ।