_*ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਕਰਵਾਈਗਈ “ਗ੍ਰੈਜੂਏਸ਼ਨ ਸੈਰੇਮਨੀ”*_
ਜਲੰਧਰ, 29 ਮਾਰਚ ( ) ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ, ਸਿੱਖਿਆ ਸਕੱਤਰ ਅਜੋਏ ਸ਼ਰਮਾ ਦੀ ਸੁਚੱਜੀ ਅਗਵਾਈ ਅਤੇ ਪ੍ਰਦੀਪ ਕੁਮਾਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਸਮੂਹ 939 ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲਾਂ ਵਿੱਚ 29,30 ਅਤੇ 31 ਮਾਰਚ ਨੂੰ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਗ੍ਰੈਜੂਏਸ਼ਨ ਸੈਰੇਮਨੀ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਪ੍ਰੋਗਰਾਮ ਤਹਿਤ ਅੱਜ ਵੱਡੀ ਗਿਣਤੀ ਵਿੱਚ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਗੁਰਭਜਨ ਸਿੰਘ ਲਾਸਾਨੀ ਨੇ ਦੱਸਿਆ ਕਿ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਇਸ ਪ੍ਰੋਗਰਾਮ ਨੂੰ ਕਰਵਾਉਣ ਦਾ ਉਦੇਸ਼ ਉਹਨਾਂ ਸਮੂਹ ਮਾਪਿਆਂ ਦਾ ਧੰਨਵਾਦ ਕਰਨਾ ਹੈ ਜਿਹਨਾਂ ਨੇ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਦਿਖਾ ਕੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਭੇਜਿਆ। ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਚਲਾਈਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਜਿਵੇਂ ਪ੍ਰੀ-ਪ੍ਰਾਇਮਰੀ ਜਮਾਤਾਂ ਅਤੇ ਸਮਾਰਟ ਕਲਾਸਾਂ ਸਬੰਧੀ ਮਾਪਿਆਂ ਅਤੇ ਸਮਾਜ ਨੂੰ ਜਾਣੂ ਕਰਵਾਉਣਾ ਵੀ ਇਸ ਪ੍ਰੋਗਰਾਮ ਦਾ ਮਕਸਦ ਸੀ। ਮਾਪਿਆਂ ਤੋਂ ਇਲਾਵਾ ਸਮੂਹ ਸਕੂਲ ਮੁਖੀ, ਸੈਂਟਰ ਸਕੂਲ ਮੁਖੀ, ਨੇੜਲੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ, ਪਿੰਡ ਦੇ ਸਰਪੰਚ ਅਤੇ ਪੰਚਾਇਤ ਮੈਂਬਰ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਅਤੇ ਪਤਵੰਤੇ ਸੱਜਣ ਵੀ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰ ਰਹੇ ਸਨ। ਇਸ ਮੌਕੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੇ ਰਿਪੋਰਟ ਕਾਰਡ ਵੰਡੇ ਗਏ ਤਾਂ ਕਿ ਮਾਪੇ ਆਪਣੇ ਨੰਨ੍ਹੇ-ਮੁੰਨ੍ਹਿਆਂ ਦੀ ਕਾਰਗੁਜ਼ਾਰੀ ਤੋਂ ਜਾਣੂ ਹੋ ਸਕਣ। ਕਈ ਸਕੂਲਾਂ ਵਿੱਚ ਅਧਿਆਪਕਾਂ ਵੱਲੋਂ ਬੱਚਿਆਂ ਦੀ ਫੋਟੋ ਲਈ ਫੋਟੋ ਬੂਥ ਅਤੇ ਸੈਲਫ਼ੀ ਪੁਆਇੰਟ ਵੀ ਬਣਾਏ ਗਏ ਸਨ।
ਇਸ ਤੋਂ ਇਲਾਵਾ ਇਸ ਦਿਨ ਨਵੇਂ ਵਿਦਿਆਰਥੀਆਂ ਦਾ ਰਸਮੀ ਤੌਰ ‘ਤੇ ਅਗਲੀ ਜਮਾਤ ਵਿੱਚ ਦਾਖ਼ਲਾ ਵੀ ਕਰਵਾਇਆ ਗਿਆ। ਉੱਪ ਜ਼ਿਲ੍ਹਾ ਅਫ਼ਸਰ (ਐ.ਸਿ) ਗੁਰਚਰਨ ਸਿੰਘ ਮੁਲਤਾਨੀ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਜਿਲ੍ਹਾ ਕੋਆਰਡੀਨੇਟਰ ਵਰਿੰਦਰ ਵੀਰ ਸਿੰਘ, ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਪ੍ਰਦੀਪ ਪ੍ਰਿਤਪਾਲ ਸਿੰਘ, ਸਮਾਰਟ ਸਕੂਲ ਕੋਆਰਡੀਨੇਟਰ ਅਤੇ ਸਮੂਹ ਬਲਾਕ ਮਾਸਟਰ ਟ੍ਰੇਨਰਜ ਵਲੋਂ ਆਪਣਿਆਂ ਬਲਾਕ ਦੇ ਸਕੂਲਾਂ ਦੇ ਦੌਰੇ ਵੀ ਕੀਤੇ।