_*ਸਕਿੱਟ ਮੁਕਾਬਲੇ ਨਾਲ ਸੰਪੰਨ ਹੋਏ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ*_

ਜਲੰਧਰ, 5 ਅਗਸਤ ( ਚਰਨਜੀਤ ਸਿੰਘ ) ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ “ਆਜ਼ਾਦੀ ਕਾ ਅੰਮ੍ਰਿਤ ਮਹੋਤਸਵ” ਤਹਿਤ ਅੱਜ ਲਾਲਾ ਜਗਤ ਨਾਰਾਇਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ ਸਕਿੱਟ ਮੁਕਾਬਲੇ ਕਰਵਾਏ ਗਏ। ਉੱਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੀਵ ਜੋਸ਼ੀ, ਨੋਡਲ ਅਫਸਰ ਪ੍ਰਿੰਸੀਪਲ ਅਨਿਲ ਕੁਮਾਰ ਅਵਸਥੀ ਅਤੇ ਸਹਾਇਕ ਨੋਡਲ ਅਫਸਰ ਪ੍ਰਿੰਸੀਪਲ ਦਿਨੇਸ਼ ਵਰਮਾ ਦੀ ਅਗਵਾਈ ਹੇਠ ਕਰਵਾਏ ਇਸ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਤਹਿਸੀਲ ਪੱਧਰੀ ਮੁਕਾਬਲਿਆਂ ਦੀਆਂ ਜੇਤੂ 20 ਟੀਮਾਂ ਦੇ ਤਕਰੀਬਨ 200 ਵਿਦਿਆਰਥੀਆਂ ਨੇ ਭਾਗ ਲਿਆ। ਦੇਸ਼ ਭਗਤੀ ਦੇ ਜਜ਼ਬਿਆਂ ਨਾਲ ਭਰਪੂਰ ਵਿਦਿਆਰਥੀਆਂ ਵੱਲੋਂ ਬੜੇ ਜੋਸ਼ ਅਤੇ ਉਤਸ਼ਾਹ ਨਾਲ ਇਸ ਸਕਿੱਟ ਮੁਕਾਬਲੇ ਵਿੱਚ ਭਾਗ ਲਿਆ ਗਿਆ। ਅੱਜ ਦੇ ਮੁਕਾਬਲਿਆਂ ਵਿੱਚ ਜੂਨੀਅਰ ਵਰਗ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਏ ਜੰਡਿਆਲਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਲੀਨਾ ਨੇ ਦੂਸਰਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸੀਨੀਅਰ ਵਰਗ ਦੇ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲੋਹੀਆਂ ਖਾਸ ਨੇ ਪਹਿਲਾ, ਸਰਕਾਰੀ ਹਾਈ ਸਕੂਲ ਚਾਨੀਆਂ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਸੂਰਪੁਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੱਜ ਦੇ ਜ਼ਿਲ੍ਹਾ ਪੱਧਰੀ ਸਕਿੱਟ ਮੁਕਾਬਲਿਆਂ ਵਿਚ ਪ੍ਰਿੰਸੀਪਲ ਸਤਵੰਤ ਕੌਰ, ਪ੍ਰਿੰਸੀਪਲ ਸੱਤਿਆ ਰਾਣੀ, ਅਮਨਪ੍ਰੀਤ ਕੌਰ ਅਤੇ ਪਰਮਿੰਦਰ ਕੌਰ ਵੱਲੋਂ ਬਤੌਰ ਜੱਜ ਦੀ ਭੂਮਿਕਾ ਨਿਭਾਈ ਗਈ। ਸਟੇਜ ਸਕੱਤਰ ਦੀ ਭੂੁਮਿਕਾ ਬਲਜੀਤ ਬੱਲ ਵਲੋਂ ਬਖ਼ੂਬੀ ਨਿਭਾਈ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਰਾਜੀਵ ਜੋਸ਼ੀ ਅਤੇ ਨੋਡਲ ਅਫਸਰ ਪ੍ਰਿੰਸੀਪਲ ਅਨਿਲ ਕੁਮਾਰ ਅਵਸਥੀ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਗਿਆ।ਰਾਜੀਵ ਜੋਸ਼ੀ ਵੱਲੋਂ ਵਿਦਿਆਰਥੀਆਂ ਨੂੰ ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਦੀਆ ਵਧਾਈਆਂ ਦਿੱਤੀਆਂ ਗਈਆਂ। ਪ੍ਰਿੰਸੀਪਲ ਅਨਿਲ ਕੁਮਾਰ ਅਵਸਥੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਜੇਤੂ ਟੀਮਾਂ ਰਾਜ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੀਆਂ।ਉਨ੍ਹਾਂ ਵੱਲੋਂ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੀਆਂ ਟੀਮਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਭਾਗ ਲੈਣ ਵਾਲੇ ਸਕੂਲਾਂ ਦੇ ਵਿਦਿਆਰਥੀ ਅਤੇ ਉਨ੍ਹਾਂ ਨਾਲ ਆਏ ਗਾਈਡ ਅਧਿਆਪਕ ਮੌਜੂਦ ਸਨ।