_*ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ*_

ਜਲੰਧਰ, 28 ਸਤੰਬਰ ( ਚਰਨਜੀਤ ਸਿੰਘ ) ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਮਾਣਯੋਗ ਡਿਪਟੀ ਕਮਿਸ਼ਨਰ ਜਲੰਧਰ ਦੀਆਂ ਹਦਾਇਤਾਂ ਮੁਤਾਬਕ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਗਏ। ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਹਾਡ਼ੇ ਨੂੰ ਸਮਰਪਤ ਇਹ ਜ਼ਿਲ੍ਹਾ ਪੱਧਰੀ ਮੁਕਾਬਲੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਦੀ ਅਗਵਾਈ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਪੱਧਰੀ ਲੇਖ ਅਤੇ ਪੇਂਟਿੰਗ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਵੱਲੋਂ ਮਿਡਲ ਅਤੇ ਸੈਕੰਡਰੀ ਵਰਗ ਵਿੱਚ ਭਾਗ ਲਿਆ ਗਿਆ। ਮਿਡਲ ਵਰਗ ਦੇ ਪੇਂਟਿੰਗ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਦਮਪੁਰ ਨੇ ਪਹਿਲਾ , ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਨੇ ਦੂਸਰਾ ਅਤੇ ਸਰਕਾਰੀ ਹਾਈ ਸਕੂਲ ਰਾਜੋਵਾਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸੈਕੰਡਰੀ ਵਰਗ ਦੇ ਪੇਂਟਿੰਗ ਮੁਕਾਬਲਿਆਂ ਵਿੱਚ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀੜ ਬੰਸੀਆਂ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਂਧੀ ਕੈਂਪ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੇਖ ਮੁਕਾਬਲਿਆਂ ਵਿੱਚ ਸਰਕਾਰੀ ਮਿਡਲ ਸਕੂਲ ਮੀਆਂਵਾਲ ਅਰਾਈਆਂ ਨੇ ਪਹਿਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਚਰੰਗਾ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਸਮਪੁਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਅੱਜ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪ੍ਰਿੰਸੀਪਲ ਅਮਰਜੀਤ ਸਿੰਘ, ਪ੍ਰਿੰਸੀਪਲ ਕੁਮੁਦ, ਪ੍ਰਿੰਸੀਪਲ ਕੁਲਜੀਤ ਕੌਰ , ਪ੍ਰਿੰਸੀਪਲ ਗੁਰਿੰਦਰਜੀਤ ਕੌਰ, ਪ੍ਰਿੰਸੀਪਲ ਲਵਲੀਨ ਕੌਰ, ਪ੍ਰਿੰਸੀਪਲ ਰਾਜੀਵ ਹਾਂਡਾ, ਪ੍ਰਿੰਸੀਪਲ ਦਿਨੇਸ਼ ਵਰਮਾ ਅਤੇ ਏ.ਸੀ.ਟੀ ਸੁਖਵਿੰਦਰ ਸਿੰਘ ਨੇ ਬਤੌਰ ਜੱਜ ਭੂਮਿਕਾ ਨਿਭਾਈ।ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਰਾਜੀਵ ਜੋਸ਼ੀ ਵੱਲੋਂ ਇਨ੍ਹਾਂ ਸਕੂਲਾਂ ਦਾ ਦੌਰਾ ਕੀਤਾ ਗਿਆ ਉਨ੍ਹਾਂ ਵੱਲੋਂ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਜੀਵਨ ਅਤੇ ਵਿਚਾਰਧਾਰਾ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ।