ਹੜ੍ਹਾਂ ਦਾ ਕਹਿਰ! ਪੰਜਾਬ ਸਰਕਾਰ ਵੱਲੋਂ ਐਡਵਾਈਜ਼ਰੀ ਜਾਰੀ।
ਸੂਬੇ ਦੇ ਵੱਖ – ਵੱਖ ਹਿੱਸਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੇ ਮੱਦੇਨਜ਼ਰ , ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਜਾਂ ਵੈਕਟਰ – ਬੋਰਨ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ । ਪਾਣੀ ਇਕੱਠਾ ਹੋਣ ਕਾਰਨ ਅਜਿਹੀਆਂ ਬਿਮਾਰੀਆਂ ਫੈਲਣ ਦੀ ਸੰਭਾਵਨਾ ਵੱਧ ਜਾਂਦੀ ਹੈ । ਅਡਵਾਈਜ਼ਰੀ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ . ਆਦਰਸ਼ਪਾਲ ਕੌਰ ਨੇ ਦੱਸਿਆ ਕਿ ਅਜਿਹੀਆਂ ਕੁਦਰਤੀ ਆਫ਼ਤਾਂ ਦੌਰਾਨ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਰੱਖਣ ਲਈ ਸਿਹਤ ਵਿਭਾਗ ਹਰ ਸਮੇਂ ਯਤਨਸ਼ੀਲ ਹੈ ਅਤੇ ਵਿਭਾਗ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ । ਲੋਕਾਂ ਨੂੰ ਅਡਵਾਈਜ਼ਰੀ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਪੀਣ ਲਈ ਸਿਰਫ਼ ਸੁਰੱਖਿਅਤ ਪਾਣੀ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਤਰਜੀਹੀ ਤੌਰ ‘ ਤੇ ਉਬਾਲਿਆ ਹੋਇਆ ਪਾਣੀ ਹੀ ਵਰਤਣਾ ਚਾਹੀਦਾ ਹੈ । ਲਾਗ ਤੋਂ ਬਚਣ ਲਈ ਵਾਰ ਵਾਰ ਸਾਬਣ ਨਾਲ ਹੱਥ ਧੋਣਾ ਜ਼ਰੂਰੀ ਹੈ । ਐਡਵਾਈਜ਼ਰੀ ਵਿੱਚ ਦੱਸਿਆ ਗਿਆ ਹੈ ਕਿ ਹੜ੍ਹ ਦੇ ਪਾਣੀ ਵਿੱਚ ਭਿੱਜੇ ਭੋਜਨ ਪਦਾਰਥਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ । ਜੇਕਰ ਕਿਸੇ ਨੂੰ ਬੁਖਾਰ ਜਾਂ ਦਸਤ ਲੱਗ ਜਾਂਦੇ ਹਨ , ਤਾਂ ਉਹਨਾਂ ਨੂੰ ਮੈਡੀਕਲ ਕੈਂਪਾਂ ਸਮੇਤ ਸਰਕਾਰੀ ਸਿਹਤ ਸਹੂਲਤਾਂ ਵਿੱਚ ਦਿਖਾਉਣਾ ਚਾਹੀਦਾ ਹੈ ਅਤੇ ਖੁਦ ਨਹੀਂ ਕਰਨਾ ਚਾਹੀਦਾ ।