Punjab

ਮਾਲ ਅਫ਼ਸਰਾਂ ਨੂੰ ਭ੍ਰਿਸ਼ਟਾਚਾਰ ਦੀ ਖੁੱਲ੍ਹ ਨਹੀਂ ਦਿੱਤੀ ਜਾਵੇਗੀ: ਭਗਵੰਤ ਮਾਨ

ਖਰੜ/ਬਨੂੜ/ਜ਼ੀਰਕਪੁਰ-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਾਲ ਅਫ਼ਸਰ ਲੱਖਾਂ ਦੀਆਂ ਤਨਖ਼ਾਹਾਂ ਲੈਂਦੇ ਹਨ ਅਤੇ ਆਪਣੇ ਆਪ ਨੂੰ ਰੱਬ ਸਮਝਣ ਲੱਗ ਜਾਂਦੇ ਹਨ, ਪਰ ਉਹ ਲੋਕਾਂ ਨੂੰ ਖੱਜਲ ਖੁਆਰ ਨਹੀਂ ਹੋਣ ਦੇਣਗੇ। ਮੁੱਖ ਮੰਤਰੀ ਅੱਜ ਖਰੜ, ਬਨੂੜ ਤੇ ਜ਼ੀਰਕਪੁਰ ਦੇ ਤਹਿਸੀਲ ਦਫਤਰਾਂ ਵਿੱਚ ਰਜਿਸਟਰੀਆਂ ਦਾ ਕੰਮ ਸ਼ੁਰੂ ਕਰਵਾਉਣ ਲਈ ਪੁੱਜੇ। ਮੁੱਖ ਮੰਤਰੀ ਨੇ ਇਸ ਮੌਕੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਉਨ੍ਹਾਂ ਦੇ ਹੱਲ ਲਈ ਮੌਕੇ ’ਤੇ ਮੌਜੂਦ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਹਦਾਇਤਾਂ ਵੀ ਦਿੱਤੀਆਂ। ਹੜਤਾਲ ਉੱਤੇ ਗਏ ਮਾਲ ਅਫ਼ਸਰਾਂ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਰੱਬ ਨਹੀਂ ਹਨ। ਲੱਖਾਂ ਰੁਪਏ ਤਨਖ਼ਾਹ ਵਜੋਂ ਲੈਂਦੇ ਹਨ। ਉਹ ਭ੍ਰਿਸ਼ਟਾਚਾਰ ਕਰਨ ਦੀ ਛੁੱਟੀ ਮੰਗਦੇ ਹਨ, ਜੋ ਕਦਾਚਿਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਰਾਜ ਵਿੱਚ ਰਜਿਸਟਰੀਆਂ ਕਰਨ ਲਈ ਹਰ ਥਾਂ ਅਧਿਕਾਰੀ ਅਤੇ ਕਰਮਚਾਰੀ ਨਿਯੁਕਤ ਕਰ ਦਿੱਤੇ ਗਏ ਹਨ ਅਤੇ ਰਾਜ ਦੇ ਕਿਸੇ ਵਾਸੀ ਨੂੰ ਵੀ ਤਹਿਸੀਲਾਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਨਸ਼ਿਆਂ ਖ਼ਿਲਾਫ਼ ਰਾਜ ਸਰਕਾਰ ਦੀ ਸਖ਼ਤੀ ਦਾ ਅਹਿਦ ਦੁਹਰਾਉਂਦਿਆਂ ਕਿਹਾ ਕਿ ਨਸ਼ਾ ਖ਼ਤਮ ਕਰਨ ਲਈ ਨਕਸ਼ਾ ਬਣਾ ਲਿਆ ਗਿਆ ਹੈ ਤੇ ਹੁਣ ਰਾਜ ਵਿੱਚੋਂ ਨਸ਼ੇ ਦੀ ਜੜ੍ਹ ਪੁੱਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲੇ ਵਿੱਚ ਹੁਣ ਕਾਰਵਾਈ ਹੌਲਦਾਰਾਂ ਤੇ ਨਹੀਂ, ਸਗੋਂ ਜ਼ਿਲ੍ਹਾ ਪੁਲੀਸ ਮੁਖੀਆਂ ’ਤੇ ਹੋਵੇਗੀ। ਇਸ ਮੌਕੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ, ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਐੱਸਡੀਐੱਮ ਦਮਨਦੀਪ ਕੌਰ, ਪਟਿਆਲਾ ਦੇ ਜ਼ਿਲ੍ਹਾ ਪੁਲੀਸ ਮੁਖੀ ਡਾ ਨਾਨਕ ਸਿੰਘ, ਡੀਐੱਸਪੀ ਰਾਜਪੁਰਾ ਮਨਜੀਤ ਸਿੰਘ ਅਤੇ ਐੱਸਐੱਚਓ ਗੁਰਸੇਵਕ ਸਿੰਘ ਹਾਜ਼ਰ ਸਨ।

‘ਸਰਕਾਰ ਕੋਲ ਅਜਿਹੀਆਂ ਚਾਲਾਂ ਨਾਲ ਸਿੱਝਣ ਲਈ ਪਲਾਨ-ਬੀ ਤਿਆਰ’

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਂਦੇ ਦਿਨਾਂ ਵਿੱਚ ਨਵੇਂ ਤਹਿਸੀਲਦਾਰ ਤੇ ਮਾਲ ਅਧਿਕਾਰੀ ਭਰਤੀ ਕਰੇਗੀ ਜਿਸ ਲਈ ਕੈਬਨਿਟ ਵਿੱਚ ਏਜੰਡਾ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਅਜਿਹੀਆਂ ਚਾਲਾਂ ਨਾਲ ਸਿੱਝਣ ਲਈ ਪਲਾਨ-ਬੀ ਤਿਆਰ ਹੈ ਅਤੇ ਜੇ ਲੋੜ ਪਈ ਤਾਂ ਸਰਕਾਰ ਤਹਿਸੀਲਦਾਰਾਂ ਦੀਆਂ ਸ਼ਕਤੀਆਂ ਅਧਿਆਪਕਾਂ ਤੇ ਪ੍ਰੋਫੈਸਰਾਂ ਨੂੰ ਦੇਣ ਤੋਂ ਵੀ ਪਿੱਛੇ ਨਹੀਂ ਹਟੇਗੀ ਤਾਂ ਕਿ ਰਜਿਸਟਰੀ ਦੇ ਕੰਮਕਾਜ ਨੂੰ ਨਿਰਵਿਘਨ ਜਾਰੀ ਰੱਖਿਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਕਾਰਨ ਆਮ ਲੋਕਾਂ ਨੂੰ ਹੋਣ ਵਾਲੀਆਂ ਮੁਸੀਬਤਾਂ ਤੋਂ ਬਚਾਉਣ ਲਈ ਪੀਸੀਐੱਸ ਅਧਿਕਾਰੀ, ਕਾਨੂੰਨਗੋ ਅਤੇ ਸੀਨੀਅਰ ਸਹਾਇਕ ਜੋ ਨਾਇਬ ਤਹਿਸੀਲਦਾਰ ਦੀ ਤਰੱਕੀ ਲਈ ਸਾਰੀਆਂ ਵਿਭਾਗੀ ਪ੍ਰੀਖਿਆਵਾਂ ਪਾਸ ਕਰ ਚੁੱਕੇ ਹਨ ਨੂੰ ਤਹਿਸੀਲਾਂ ਦਾ ਕੰਮ ਜਾਰੀ ਰੱਖਣ ਲਈ ਸਬ-ਰਜਿਸਟਰਾਰ ਨਿਯੁਕਤ ਕੀਤਾ ਗਿਆ ਹੈ।

ਅਗਲੇ ਦਸ ਦਿਨ ਤਹਿਸੀਲਾਂ ਦੇ ਅਚਨਚੇਤੀ ਦੌਰੇ ਕਰਨ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਬਨੂੜ ਖੇਤਰ ਦੇ ਸਮਾਜ ਸੇਵੀ ਨੌਜਵਾਨ ਵਰਿੰਦਰ ਨੀਲਾ ਕਰਾਲਾ ਦੇ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਦੀ ਭਰਮਾਰ ਹੋਣ ਦਾ ਮਾਮਲਾ ਚੁੱਕਣ ’ਤੇ ਆਖਿਆ ਕਿ ਉਹ ਭ੍ਰਿਸ਼ਟਾਚਾਰ ਲਈ ਕਿਸੇ ਨੂੰ ਨਹੀਂ ਬਖਸ਼ਣਗੇ। ਉਨ੍ਹਾਂ ਕਿਹਾ ਕਿ ਉਹ ਤਾਂ ਆਪਣੀ ਮਾਂ ਅਤੇ ਭੈਣ ਦੀ ਸਿਫ਼ਾਰਸ਼ ਵੀ ਨਹੀਂ ਮੰਨਦੇ। ਉਨ੍ਹਾਂ ਕਿਹਾ ਕਿ ਉਹ ਅਗਲੇ ਦਸ ਦਿਨ ਰਾਜ ਦੀਆਂ ਤਹਿਸੀਲਾਂ ਵਿੱਚ ਅਚਨਚੇਤੀ ਜਾ ਕੇ ਲੋਕਾਂ ਤੋਂ ਫੀਡ ਬੈਕ ਲੈਣਗੇ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਐਕਸ਼ਨ ਲੈਣਗੇ। ਸਥਾਨਕ ਆਗੂ ਬਲੀ ਸਿੰਘ ਵੱਲੋਂ ਮਾਰਕੀਟ ਕਮੇਟੀ ਬਨੂੜ ਦਾ ਬਾਹਰੀ ਚੇਅਰਮੈਨ ਲਾਉਣ ਸਬੰਧੀ ਗੱਲ ਨੂੰ ਟਾਲਦਿਆਂ ਉਨ੍ਹਾਂ ਕਿਹਾ ਸਿਆਸੀ ਗੱਲਾਂ ਦੀ ਥਾਂ ਲੋਕ ਮਸਲੇ ਦੱਸੋ।