ਉਸਾਰੀ ਕਿਰਤੀਆਂ ਵੱਲੋਂ ਮੁਹਾਲੀ ’ਚ ਸੂਬਾ ਪੱਧਰੀ ਧਰਨਾ
ਐੱਸਏਐੱਸ ਨਗਰ (ਮੁਹਾਲੀ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਵੱਲੋਂ ਅੱਜ ਉਸਾਰੀ ਕਿਰਤੀਆਂ ਦੀਆਂ ਮੰਗਾਂ ਸਬੰਧੀ ਮੁਹਾਲੀ ਦੇ ਫੇਜ਼-10 ਸਥਿਤ ਕਿਰਤ ਕਮਿਸ਼ਨਰ ਪੰਜਾਬ ਦੇ ਦਫ਼ਤਰ ਦਾ ਘਿਰਾਓ ਕਰ ਕੇ ਸੂਬਾ ਪੱਧਰੀ ਧਰਨਾ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸੂਬਾ ਸਕੱਤਰ ਰਾਜ ਸਿੰਘ ਮਲੋਟ, ਅਵਤਾਰ ਸਿੰਘ ਤਾਰੀ ਅਤੇ ਜੋਗਿੰਦਰਪਾਲ ਗੁਰਦਾਸਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਜ਼ਦੂਰ-ਪੱਖੀ ਕਿਰਤ ਕਾਨੂੰਨ ਖ਼ਤਮ ਕਰ ਕੇ ਮਜ਼ਦੂਰ ਵਿਰੋਧੀ ਅਤੇ ਕਾਰਪੋਰੇਟ-ਪੱਖੀ ਚਾਰ ਕਿਰਤ ਕੋਡ ਲਿਆਂਦੇ ਸਨ। ਇਨ੍ਹਾਂ ਨੂੰ ਕੇਂਦਰ ਸਰਕਾਰ ਅਪਰੈਲ ਮਹੀਨੇ ਤੋਂ ਦੇਸ਼ ਭਰ ਵਿੱਚ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਬਿਲਡਿੰਗ ਐਂਡ ਅਦਰਜ਼ ਕੰਸਟਰੱਕਸ਼ਨ (ਬੀਓਸੀ) ਨਾਲ ਜੁੜੇ ਕਿਰਤੀਆਂ ਦੀਆਂ ਸਾਰੀਆਂ ਭਲਾਈ ਸਕੀਮਾਂ ਬੰਦ ਹੋ ਜਾਣਗੀਆਂ।
ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਚਾਰ ਕੋਡਾਂ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਨਿਖੇਧੀ ਮਤਾ ਲਿਆ ਕੇ ਇਨ੍ਹਾਂ ਨੂੰ ਰੱਦ ਕੀਤਾ ਜਾਵੇ। ਇਹ ਕੋਡ ਕਿਰਤੀਆਂ ਦੇ ਬੁਨਿਆਦੀ ਅਧਿਕਾਰਾਂ ’ਤੇ ਹਮਲਾ ਹਨ। ਉਨ੍ਹਾਂ ਨੇ ਕਿਰਤ ਵਿਭਾਗ ਅਤੇ ਬੀਓਸੀ ਵਿੱਚ ਲੋੜੀਂਦੇ ਮੁਲਾਜ਼ਮ ਭਰਤੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਟਾਫ਼ ਦੀ ਘਾਟ ਕਾਰਨ ਕਿਰਤੀਆਂ ਦੇ ਬਹੁਤ ਸਾਰੇ ਮਾਮਲੇ ਪੈਂਡਿੰਗ ਪਏ ਹਨ। ਉਨ੍ਹਾਂ ਬੀਓਸੀ ਬੋਰਡ ਵਿੱਚ ਯੂਨੀਅਨ ਦੇ ਦੋ ਨੁਮਾਇੰਦੇ ਲੈਣ, ਕਿਰਤ ਵਿਭਾਗ ਵੱਲੋਂ ਆਨਲਾਈਨ ਦੇ ਨਾਲ ਆਫਲਾਈਨ ਕੰਮ ਵੀ ਸ਼ੁਰੂ ਕੀਤੇ ਜਾਣ, ਪੰਜਾਬ ਵਿੱਚ ਘੱਟੋ-ਘੱਟ ਉਜਰਤ ਲਾਗੂ ਕਰ ਕੇ ਮਹਿੰਗਾਈ ਅਨੁਸਾਰ ਵਾਧਾ ਕਰਨ, ਯੂਨੀਅਨ ਦੀ ਰਜਿਸਟ੍ਰੇਸ਼ਨ 30 ਦਿਨਾਂ ਦੇ ਅੰਦਰ ਯਕੀਨੀ ਬਣਾਉਣ, ਪਰਵਾਸੀ ਕਿਰਤੀਆਂ ਲਈ ਸ਼ੈਲਟਰ ਹੋਮ ਬਣਾਉਣ ਆਦਿ ਦੀ ਮੰਗ ਕੀਤੀ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਰਤ ਮੰਤਰੀ ਦੇ ਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਕਿਰਤ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ ’ਤੇ ਹੀ ਜਥੇਬੰਦੀ ਦੇ ਆਗੂਆਂ ਦੀ ਪ੍ਰਮੁੱਖ ਸਕੱਤਰ ਨਾਲ 18 ਮਾਰਚ ਨੂੰ ਮੀਟਿੰਗ ਤੈਅ ਕਰਵਾਈ। ਇਸ ਭਰੋਸੇ ਮਗਰੋਂ ਕਿਰਤੀਆਂ ਨੇ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਤੇ ਚਿਤਾਵਨੀ ਦਿੱਤੀ ਕਿ ਜੇ ਮੀਟਿੰਗ ’ਚ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਲੜੀਵਾਰ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਧਰਨੇ ਨੂੰ ਰਮੇਸ਼ ਨੂਰਪੁਰ ਬੇਦੀ, ਹਰਦੀਪ ਪਨੇਸਰ ਨਵਾਂਸ਼ਹਿਰ, ਜਗਸੀਰ ਮੁਕਤਸਰ, ਬਲਵਿੰਦਰ ਸਿੰਘ ਚਮਕੌਰ ਸਾਹਿਬ, ਡੈਮੋਕ੍ਰੈਟਿਕ ਮੁਲਾਜ਼ਮ ਫਰੰਟ ਦੇ ਆਗੂ ਮਲਾਗਰ ਸਿੰਘ ਤੇ ਅਵਤਾਰ ਸਿੰਘ ਫ਼ਾਜ਼ਿਲਕਾ ਨੇ ਵੀ ਸੰਬੋਧਨ ਕੀਤਾ।