ਪੰਜਾਬ ’ਚ ਸਰਕਾਰੀ ਹਸਪਤਾਲ ਨਿੱਜੀ ਹੱਥਾਂ ’ਚ ਦੇਣ ਦੀ ਯੋਜਨਾ
ਮੋਗਾ-ਸੂਬੇ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ‘ਆਪ’ ਸਰਕਾਰ ਨੇ ਨਸ਼ਾ ਛੁਡਾਊ ਕੇਂਦਰ ਤੇ ਕੁਝ ਸਰਕਾਰੀ ਹਸਪਤਾਲ ਨਿੱਜੀ ਹੱਥਾਂ ’ਚ ਦੇਣ ਦੀ ਯੋਜਨਾ ਉਲੀਕੀ ਹੈ। ਨਸ਼ਾ ਛੁਡਾਊ ਕੇਂਦਰ ਸਮਾਜ ਸੇਵੀ ਸੰਸਥਾਵਾਂ ਅਤੇ ਸਰਕਾਰੀ ਹਸਪਤਾਲ ਨਿੱਜੀ ਕੰਪਨੀਆਂ ਨੂੰ ਦਿੱਤੇ ਜਾਣ ਦੀ ਤਿਆਰੀ ਹੈ।
ਇਹ ਗੱਲ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇੱਥੇ ਪਿੰਡ ਜਨੇਰ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ’ਚ ਸਮੂਹ ਅਧਿਕਾਰੀਆਂ ਅਤੇ ਜ਼ਿਲ੍ਹੇ ਦੇ ਸਰਕਾਰੀ ਤੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਮਗਰੋਂ ਮੀਡੀਆ ਨੂੰ ਕਹੀ।
ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਪਹਿਲਾਂ ਕੁਝ ਸਰਕਾਰੀ ਹਸਪਤਾਲਾਂ ਤੋਂ ਸ਼ੁਰੂ ਕੀਤਾ ਜਾਵੇਗਾ। ਨਸ਼ਾ ਛੁਡਾਊ ਕੇਂਦਰ ਚਲਾਉਣ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਅਤੇ ਸਰਕਾਰੀ ਹਸਪਤਾਲ ਚਲਾਉਣ ਲਈ ਨਿੱਜੀ ਕੰਪਨੀਆਂ ਨੂੰ ਸਰਕਾਰ ਵੱਲੋਂ ਫੰਡਿਗ ਕੀਤੀ ਜਾਵੇਗੀ। ਲੋਕਾਂ ਦਾ ਮੁਫ਼ਤ ਇਲਾਜ ਮਾਹਿਰ ਡਾਕਟਰਾਂ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੀ ਗੱਲਬਾਤ ਪਿੰਗਲਵਾੜਾ ਚਲਾ ਰਹੀ ਸੰਸਥਾ ਨਾਲ ਹੋਈ ਹੈ, ਜੋ ਪਹਿਲਾਂ ਹੀ ਸਰਕਾਰੀ ਕਾਲਜ ਦੇ ਇੱਕ ਵਾਰਡ ਨੂੰ ਸੁਚੱਜੇ ਢੰਗ ਨਾਲ ਚਲਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇਣ ਦਾ ਤਹੱਈਆ ਕਰ ਲਿਆ ਗਿਆ ਹੈ। ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿਚ 6 ਗੋਡੇ ਬਦਲਣ ਵਾਲੇ ਸੈਂਟਰ ਬਣਾਏ ਜਾਣਗੇ। ਲੁਧਿਆਣਾ ਵਿੱਚ ਵੀ ਸੈਂਟਰ ਆਫ ਐਕਸੀਲੈਂਸ ਡਾਇਲੇਸਿਸ ਲਈ ਬਣਾਇਆ ਗਿਆ ਹੈ ਜਿਸ ਵਿੱਚ 25 ਮਸ਼ੀਨਾਂ ਲਗਾਈਆਂ ਗਈਆਂ ਹਨ। ਇੱਕ ਸੈਂਟਰ ਰਾਜਿੰਦਰਾ ਹਸਪਤਾਲ ਵਿੱਚ ਵੀ ਬਣਾਇਆ ਜਾ ਰਿਹਾ ਹੈ।