Punjab

ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਭਰ ਵਿੱਚੋਂ ਧਰਨੇ ਚੁੱਕੇ

ਚੰਡੀਗੜ੍ਹ/ਮਾਨਸਾ-ਸੰਯੁਕਤ ਕਿਸਾਨ ਮੋਰਚਾ (SKM) ਦੀ ਇਕ ਅਹਿਮ ਮੀਟਿੰਗ ਵੀਰਵਾਰ ਨੂੰ ਲੁਧਿਆਣਾ ਵਿਖੇ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਵਿੱਚ 18 ਥਾਵਾਂ ’ਤੇ ਲੱਗੇ ਧਰਨੇ ਚੁੱਕਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਐਲਾਨ ਐੱਸਕੇਐੱਮ ਦੀ ਮੀਟਿੰਗ ਤੋਂ ਬਾਅਦ ਲਖਵਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜਗਿੱਲ ਤੇ ਹੋਰਨਾਂ ਕਿਸਾਨ ਆਗੂਆਂ ਨੇ ਕੀਤਾ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਉਨ੍ਹਾਂ ਵੱਲੋਂ 10 ਮਾਰਚ ਨੂੰ ਹੁਕਮਰਾਨ ਧਿਰ ਦੇ ਸਾਰੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਮੂਹਰੇ ਰੋਸ ਮੁਜ਼ਾਹਰੇ ਕੀਤੇ ਜਾਣਗੇ।

ਇਹ ਮੁਜ਼ਾਹਰੇ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤੇ ਜਾਣਗੇ। ਇਸ ਦੌਰਾਨ ਵੱਡੀ ਗਿਣਤੀ ਕਿਸਾਨ ਆਗੂ ਸ਼ਮੂਲੀਅਤ ਕਰਨਗੇ। ਕਿਸਾਨਾਂ ਨੇ ਐਲਾਨ ਕੀਤਾ ਕਿ 15 ਮਾਰਚ ਨੂੰ 11.30 ਵਜੇ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕੀ ਜਾਵੇਗੀ।

ਗ਼ੌਰਤਲਬ ਹੈ ਕਿ ਪਹਿਲਾਂ ਇਹ ਅਮਰਜੈਂਸੀ ਮੀਟਿੰਗ 7 ਮਾਰਚ ਨੂੰ ਲੁਧਿਆਣਾ ਵਿਖੇ ਹੀ ਬੁਲਾਈ ਗਈ ਸੀ, ਪਰ ਅੱਜ ਅਚਨਾਕ ਮੋਰਚੇ ਵੱਲੋਂ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਮੀਟਿੰਗ ਸੱਦ ਲਈ ਗਈ। ਇਸ ਮੀਟਿੰਗ ਵਿੱਚ ਭਾਗ ਲੈਣ ਵਾਲੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਗੁਰਜੰਟ ਸਿੰਘ ਅਤੇ ਨਰਿੰਦਰ ਕੌਰ ਬੁਰਜ ਹਮੀਰਾ ਨੇ ਦੱਸਿਆ ਕਿ 10 ਮਾਰਚ ਨੂੰ ਵਿਧਾਇਕਾਂ ਤੇ ਵਜ਼ੀਰਾਂ ਦੇ ਘਰਾਂ ਅੱਗੇ ਇੱਕ ਰੋਜ਼ਾ ਧਰਨੇ ਦਿੱਤੇ ਜਾਣਗੇ ਅਤੇ ਉਸ ਤੋਂ ਬਾਅਦ 15 ਮਾਰਚ ਨੂੰ ਮੋਰਚੇ ਦੀ ਮੁੜ ਮੀਟਿੰਗ ਪੰਜਾਬ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਵੇਗੀ।

ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਨੂੰ ਕਿਸਾਨਾਂ ਨਾਲ ਪੰਜਾਬ ਦੀਆਂ ਮੰਗਾਂ ’ਤੇ ਚਰਚਾ ਕਰਨ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਪੰਜਾਬ ਭਰ ਵਿੱਚ ਥਾਂ-ਥਾਂ ਲੱਗੇ ਮੋਰਚੇ ਮੁਲਤਵੀ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਪਿੰਡ ਢੈਪਈ ਵਿਖੇ ਲੱਗੇ ਮੋਰਚੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।