Punjab

ਚਾਰ ਕਿਲੋ ਹੈਰੋਇਨ ਤੇ ਡਰੱਗ ਮਨੀ ਬਰਾਮਦ

ਅੰਮ੍ਰਿਤਸਰ-ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ 16 ਸਾਲਾ ਨਾਬਾਲਗ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰ ਕੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਤਹਿਤ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 4.01 ਕਿਲੋ ਹੈਰੋਇਨ, 20 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਤਿੰਨ ਮੋਟਰਸਾਈਕਲ ਜ਼ਬਤ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਮੁਲਜ਼ਮਾਂ ਦੀ ਪਛਾਣ ਤਰਸੇਮ ਸਿੰਘ ਉਰਫ਼ ਸੇਮਾ (23), ਅੰਮ੍ਰਿਤ ਸਿੰਘ ਉਰਫ਼ ਅਭੀ (21), ਦੋਵੇਂ ਵਾਸੀ ਜਲਾਲਾਬਾਦ-ਫਾਜ਼ਿਲਕਾ, ਰਮਨਜੀਤ ਸਿੰਘ ਉਰਫ਼ ਰਮਨ (19) ਵਾਸੀ ਤਰਨ ਤਾਰਨ ਵਜੋਂ ਹੋਈ ਹੈ ਜਦੋਂ ਕਿ ਗ੍ਰਿਫ਼ਤਾਰ ਕੀਤਾ ਨਾਬਾਲਗ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ।

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ-ਆਧਾਰਿਤ ਤਸਕਰਾਂ ਨਾਲ ਲਗਾਤਾਰ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਾਬਾਲਗ, ਜਿਸ ਦੀ ਪਛਾਣ ਗੁਪਤ ਰੱਖੀ ਗਈ ਹੈ, ਸਤਲੁਜ ਦਰਿਆ ਪਾਰ ਕਰ ਕੇ ਕੌਮਾਂਤਰੀ ਸਰਹੱਦ ਨੇੜਲੇ ਖੇਤਰਾਂ ਤੋਂ ਪਾਕਿਸਤਾਨੀ ਤਸਕਰਾਂ ਵੱਲੋਂ ਸੁੱਟੀਆਂ ਜਾਂਦੀਆਂ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਨ ਲਈ ਕਿਸ਼ਤੀਆਂ ਦੀ ਵਰਤੋਂ ਕਰ ਰਿਹਾ ਸੀ। ਇਸ ਸਬੰਧੀ ਐੱਨਡੀਪੀਐੱਸ ਐਕਟ ਤਹਿਤ ਦੋ ਵੱਖ-ਵੱਖ ਐੱਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਮਾਮਲਿਆਂ ਵਿੱਚ ਹੋਰ ਜਾਂਚ ਜਾਰੀ ਹੈ।

ਪੁਲੀਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਡੀਸੀਪੀ ਹਰਪ੍ਰੀਤ ਸਿੰਘ ਮੰਡੇਰ ਦੀ ਨਿਗਰਾਨੀ ਹੇਠ ਸੀਆਈਏ ਸਟਾਫ-1 ਅਤੇ ਸੀਆਈਏ ਸਟਾਫ-2 ਟੀਮਾਂ ਨੇ ਵਿਸ਼ੇਸ਼ ਅਪਰੇਸ਼ਨ ਚਲਾਇਆ। ਇਸ ਤਹਿਤ ਛੇਹਰਟਾ ਅਤੇ ਛਾਉਣੀ ਦੇ ਇਲਾਕਿਆਂ ਵਿੱਚੋਂ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਸੀਪੀ ਨੇ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵੱਲੋਂ ਹੁਣ ਤੱਕ ਖਰੀਦੇ ਗਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ।

ਇਸ ਸਬੰਧੀ ਛੇਹਰਟਾ ਪੁਲੀਸ ਸਟੇਸ਼ਨ, ਅੰਮ੍ਰਿਤਸਰ ਵਿੱਚ ਐੱਨਡੀਪੀਐੱਸ ਐਕਟ ਦੀ ਧਾਰਾ 21(ਸੀ), 23, ਅਤੇ 29 ਅਧੀਨ ਅਤੇ ਛਾਉਣੀ ਪੁਲੀਸ ਸਟੇਸ਼ਨ ਵਿੱਚ ਐੱਨਡੀਪੀਐੱਸ ਐਕਟ ਦੀ ਧਾਰਾ 21(ਸੀ) ਅਤੇ 27-ਏ ਅਧੀਨ ਕੇਸ ਦਰਜ ਕੀਤੇ ਹਨ।