National

ਕਾਂਗਰਸ ਨੂੰ ਪੰਜਾਬ ਦੀ ਸੱਤਾ ਵਿੱਚ ਆਉਣ ਤੋਂ ਰੋਕਣ ਲਈ ਮਾਰੇ ਛਾਪੇ: ਬਘੇਲ

ਚੰਡੀਗੜ੍ਹ-ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੀ ਛੱਤੀਸਗੜ੍ਹ ਸਥਿਤ ਰਿਹਾਇਸ਼ ਅਤੇ ਹੋਰ ਟਿਕਾਣਿਆਂ ’ਤੇ ਈਡੀ ਵੱਲੋਂ ਮਾਰੇ ਛਾਪਿਆਂ ਨੇ ਸੂਬੇ ਵਿੱਚ ਸਿਆਸੀ ਹਲਚਲ ਵਧਾ ਦਿੱਤੀ ਹੈ। ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਕਿਹਾ ਹੈ ਕਿ ਇਹ ਸਾਰੀ ਸਾਜ਼ਿਸ਼ ਕਾਂਗਰਸ ਨੂੰ ਪੰਜਾਬ ਵਿੱਚ ਸੱਤਾ ਵਿੱਚ ਆਉਣ ਤੋਂ ਰੋਕਣ ਲਈ ਘੜੀ ਜਾ ਰਹੀ ਹੈ ਅਤੇ ਇਹ ਸਿਰਫ਼ ਭਾਜਪਾ ਦੀ ਗ਼ਲਤਫ਼ਹਿਮੀ ਹੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਇਸ ਝੂਠੇ ਕੇਸ ਨੂੰ ਪਹਿਲਾਂ ਹੀ ਬਰਖ਼ਾਸਤ ਕੀਤਾ ਜਾ ਚੁੱਕਾ ਹੈ। ਪੰਜਾਬ ਕਾਂਗਰਸ ਨੇ ਈਡੀ ਦੇ ਛਾਪਿਆਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਭੂਪੇਸ਼ ਬਘੇਲ ਦੀ ਰਿਹਾਇਸ਼ ’ਤੇ ਛਾਪੇ ਤੋਂ ਇਹ ਸਪੱਸ਼ਟ ਹੈ ਕਿ ਕੇਂਦਰ ਸਰਕਾਰ ਵੱਲੋਂ ਜਾਂਚ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਸਾਜ਼ਿਸ਼ ਤਹਿਤ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਵਿਰੋਧੀ ਧਿਰਾਂ ਨਾਲ ਸਿਆਸੀ ਲੜਾਈ ਲੜਨੀ ਚਾਹੀਦੀ ਹੈ। ਬਾਜਵਾ ਨੇ ਕਿਹਾ, ‘‘ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਨਾਲ ਪਾਰਟੀ ਦੇ ਕਿਸੇ ਵੀ ਆਗੂ ਜਾਂ ਵਰਕਰ ਨੂੰ ਬਦਨਾਮ ਕਰਨ ’ਚ ਭਾਜਪਾ ਕਦੇ ਵੀ ਕਾਮਯਾਬ ਨਹੀਂ ਹੋ ਸਕੇਗੀ। ਆਖ਼ਰ ਸਚਾਈ ਦੀ ਜਿੱਤ ਹੋਵੇਗੀ।’’

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਮੁੱਚੀ ਪਾਰਟੀ ਸੀਨੀਅਰ ਆਗੂਆਂ ਨਾਲ ਖੜ੍ਹੀ ਹੈ ਅਤੇ ਭਾਜਪਾ ਦੀ ਤਾਨਾਸ਼ਾਹੀ ਕਿਸੇ ਨੂੰ ਵੀ ਝੁਕਾ ਨਹੀਂ ਸਕੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੰਘੀ ਏਜੰਸੀਆਂ ਦੀ ਮਦਦ ਨਾਲ ਸਿਆਸੀ ਲੜਾਈ ਲੜ ਰਹੀ ਹੈ ਜਿਸ ਵਿੱਚ ਉਹ ਕਦੇ ਵੀ ਕਾਮਯਾਬ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੂੰ ਦਬਾਉਣ ਲਈ ਅਜਿਹੇ ਹੱਥਕੰਡੇ ਵਰਤੇ ਜਾ ਰਹੇ ਹਨ। ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਭਾਜਪਾ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਕੇਂਦਰੀ ਹਕੂਮਤ ਗ਼ਲਤ ਢੰਗ-ਤਰੀਕੇ ਵਰਤ ਕੇ ਆਪਣੇ ਵਿਰੋਧੀਆਂ ਨੂੰ ਚੁੱਪ ਕਰਾਉਣਾ ਚਾਹੁੰਦੀ ਹੈ ਪ੍ਰੰਤੂ ਭਾਜਪਾ ਦੀ ਇਹ ਸਾਜ਼ਿਸ਼ ਕਦੇ ਵੀ ਸਫ਼ਲ ਨਹੀਂ ਹੋਵੇਗੀ।