National

ਚੋਣ ਕਮਿਸ਼ਨ ਵੱਲੋਂ ਸਿਆਸੀ ਪਾਰਟੀਆਂ ਨੂੰ ਗੱਲਬਾਤ ਦਾ ਸੱਦਾ

ਨਵੀਂ ਦਿੱਲੀ-ਚੋਣ ਕਮਿਸ਼ਨ ਨੇ ਵੋਟਰ ਸੂਚੀਆਂ ’ਚ ਗੜਬੜੀ ਦੇ ਦੋਸ਼ਾਂ ਵਿਚਾਲੇ ਅੱਜ ਚੋਣ ਪ੍ਰਕਿਰਿਆ ਮਜ਼ਬੂਤ ਕਰਨ ਲਈ ਸਿਆਸੀ ਪਾਰਟੀਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਚੋਣ ਕਮਿਸ਼ਨ ਨੇ ਇੱਕ ਬਿਆਨ ’ਚ ਕਿਹਾ ਕਿ ਉਸ ਨੇ ਸਾਰੀਆਂ ਕੌਮੀ ਤੇ ਸੂਬਾਈ ਸਿਆਸੀ ਪਾਰਟੀਆਂ ਤੋਂ ਚੋਣ ਰਜਿਸਟਰੇਸ਼ਨ ਅਧਿਕਾਰੀਆਂ, ਜ਼ਿਲ੍ਹਾ ਚੋਣ ਅਧਿਕਾਰੀਆਂ ਤੇ ਮੁੱਖ ਚੋਣ ਅਧਿਕਾਰੀਆਂ ਦੇ ਪੱਧਰ ’ਤੇ ‘ਕਿਸੇ ਵੀ ਅਣਸੁਲਝੇ ਮੁੱਦੇ’ ਲਈ 30 ਅਪਰੈਲ ਤੱਕ ਸੁਝਾਅ ਮੰਗੇ ਹਨ। ਚੋਣ ਕਮਿਸ਼ਨ ਨੇ ਅੱਜ ਸਿਆਸੀ ਪਾਰਟੀਆਂ ਨੂੰ ਲਿਖੇ ਪੱਤਰਾਂ ’ਚ ਪਾਰਟੀ ਪ੍ਰਧਾਨਾਂ ਤੇ ਸੀਨੀਅਰ ਮੈਂਬਰਾਂ ਨਾਲ ਆਪਸੀ ਤਾਲਮੇਲ ਨਾਲ ਢੁੱਕਵੇਂ ਸਮੇਂ ’ਤੇ ਗੱਲਬਾਤ ਕਰਨ ਦਾ ਸੁਝਾਅ ਦਿੱਤਾ ਹੈ ਤਾਂ ਜੋ ਸਥਾਪਤ ਕਾਨੂੰਨ ਅਨੁਸਾਰ ਚੋਣ ਪ੍ਰਕਿਰਿਆਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਪਿਛਲੇ ਹਫ਼ਤੇ ਕਮਿਸ਼ਨ ਦੇ ਸੰਮੇਲਨ ’ਚ ਸਾਰੇ ਸੂਬਿਆਂ ਦੇ ਮੁੱਖ ਚੋਣ ਅਧਿਕਾਰੀਆਂ, ਜ਼ਿਲ੍ਹਾ ਚੋਣ ਅਧਿਕਾਰੀਆਂ ਤੇ ਚੋਣ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਸਿਆਸੀ ਪਾਰਟੀਆਂ ਦੇ ਨਾਲ ਨਾਲ ਨਿਯਮਿਤ ਢੰਗ ਨਾਲ ਮੀਟਿੰਗਾਂ ਕਰਨ।