Punjab

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 21 ਤੋਂ

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 21 ਮਾਰਚ ਨੂੰ ਸ਼ੁਰੂ ਹੋ ਕੇ 28 ਮਾਰਚ ਨੂੰ ਸਮਾਪਤ ਹੋਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ‘ਆਪ’ ਸਰਕਾਰ ਦੇ ਕਾਰਜਕਾਲ ਦਾ ਚੌਥਾ ਬਜਟ 26 ਮਾਰਚ ਨੂੰ ਪੇਸ਼ ਕਰਨਗੇ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਇਜਲਾਸ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦੇ ਜਾਣ ਦਾ ਫੈਸਲਾ ਲਿਆ ਗਿਆ। ਪੰਜਾਬ ਮੰਤਰੀ ਮੰਡਲ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਜੋ ਕਿ ਭਾਰਤੀ ਸੰਵਿਧਾਨ ਦੀ ਧਾਰਾ 174 (1) ਤਹਿਤ ਸੂਬਾਈ ਅਸੈਂਬਲੀ ਦਾ ਇਜਲਾਸ ਸੱਦਣ ਲਈ ਅਧਿਕਾਰਤ ਹਨ, ਨੂੰ ਇਜਲਾਸ ਸੱਦਣ ਦੀ ਸਿਫ਼ਾਰਿਸ਼ ਕਰਨ ਦੀ ਸਹਿਮਤੀ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 25 ਮਾਰਚ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਸੰਬੋਧਨ ਹੋਵੇਗਾ ਅਤੇ ਉਸ ਮਗਰੋਂ ਰਾਜਪਾਲ ਦੇ ਭਾਸ਼ਣ ’ਤੇ ਬਹਿਸ ਹੋਵੇਗੀ। ਵਿੱਤ ਮੰਤਰੀ 26 ਮਾਰਚ ਨੂੰ ਸਾਲ 2025-26 ਦਾ ਆਮ ਬਜਟ ਪੇਸ਼ ਕਰਨਗੇ ਅਤੇ ਉਸ ਮਗਰੋਂ ਬਜਟ ਉੱਤੇ ਬਹਿਸ ਹੋਵੇਗੀ।

ਲੰਘੇ ਵਰ੍ਹੇ ਬਜਟ ਇਜਲਾਸ ਪਹਿਲੀ ਮਾਰਚ ਨੂੰ ਸ਼ੁਰੂ ਹੋਇਆ ਸੀ ਅਤੇ 5 ਮਾਰਚ ਨੂੰ ਬਜਟ ਪੇਸ਼ ਹੋਇਆ ਸੀ। ਇਹ ਇਜਲਾਸ 15 ਮਾਰਚ ਤੱਕ ਚੱਲਿਆ ਸੀ ਜਦੋਂ ਕਿ ਐਤਕੀਂ ਬਜਟ ਇਜਲਾਸ ਕਰੀਬ ਹਫ਼ਤੇ ਦਾ ਹੀ ਰੱਖਿਆ ਗਿਆ ਹੈ। ਵਿਰੋਧੀ ਧਿਰਾਂ ਵੱਲੋਂ ਇਸ ਮਾਮਲੇ ਨੂੰ ਮੁੱਦਾ ਬਣਾਇਆ ਜਾ ਸਕਦਾ ਹੈ। ਚੇਤੇ ਰਹੇ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹਾਲ ਹੀ ਵਿੱਚ 24-25 ਫਰਵਰੀ ਨੂੰ ਹੋਇਆ ਸੀ।

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਸੱਦੀ ਗਈ ਸੀ ਪ੍ਰੰਤੂ ਮੁੱਖ ਮੰਤਰੀ ਦੇ ਅਚਨਚੇਤ ਰੁਝੇਵਿਆਂ ਕਾਰਨ ਦੋ ਵਾਰ ਮੀਟਿੰਗ ਦਾ ਸਮਾਂ ਅੱਗੇ ਪਾਉਣਾ ਪਿਆ। ਪੰਜਾਬ ਦੇ ਤਿੰਨ ਵਜ਼ੀਰ ਤਾਂ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਪਹੁੰਚ ਵੀ ਗਏ ਸਨ, ਜਿਨ੍ਹਾਂ ਨੂੰ ਮੀਟਿੰਗ ਦਾ ਸਮਾਂ ਅੱਗੇ ਪਾਏ ਜਾਣ ਕਰ ਕੇ ਪਰਤਣਾ ਪਿਆ। ਪਤਾ ਲੱਗਿਆ ਹੈ ਕਿ ਪੰਜਾਬ ਮੰਤਰੀ ਮੰਡਲ ਦੀ ਰਸਮੀ ਮੀਟਿੰਗ ਖ਼ਤਮ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਗੈਰ-ਰਸਮੀ ਤੌਰ ’ਤੇ ਵੀ ਵਜ਼ੀਰਾਂ ਨਾਲ ਗੱਲਬਾਤ ਕੀਤੀ। ਇਸੇ ਤਰ੍ਹਾਂ ਪੰਜਾਬ ਮੰਤਰੀ ਮੰਡਲ ਨੇ ਸਿੱਖਿਆ ਵਿਭਾਗ ਵੱਲੋਂ ਬ੍ਰਿਟਿਸ਼ ਕਾਊਂਸਲ ਐਜੂਕੇਸ਼ਨ ਇੰਡੀਆ ਪ੍ਰਾਈਵੇਟ ਲਿਮਿਟਡ ਨਾਲ ਕੀਤੇ ਸਮਝੌਤੇ (ਐੱਮਓਯੂ) ਨੂੰ ਪੰਜਾਬ ਟਰਾਂਸਪੇਰੈਂਸੀ ਇਨ ਪਬਲਿਕ ਪ੍ਰੋਕਿਓਰਮੈਂਟ ਐਕਟ 2019 ਦੀ ਧਾਰਾ 63 (1) ਤੋਂ ਛੋਟ ਦੇਣ ਦੀ ਮਨਜ਼ੂਰੀ ਵੀ ਦਿੱਤੀ। ਇਸ ਐੱਮਓਯੂ ਦੇ ਨਿਯਮ ਤੇ ਸ਼ਰਤਾਂ ਦੀ ਰੋਸ਼ਨੀ ਵਿੱਚ ਅਗਲੇ ਦੋ ਵਿੱਤੀ ਵਰ੍ਹਿਆਂ 2025-26 ਅਤੇ 2026-27 ਲਈ ‘ਇੰਗਲਿਸ਼ ਫ਼ਾਰ ਵਰਕ’ ਕੋਰਸ ਜਾਰੀ ਰੱਖਣ ਲਈ ਇਸ ਛੋਟ ਨੂੰ ਵਿਧਾਨ ਸਭਾ ਦੇ ਅਗਾਮੀ ਸੈਸ਼ਨ ਵਿੱਚ ਰੱਖਿਆ ਜਾਵੇਗਾ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਅੱਜ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਲ 2022-23 ਅਤੇ 2023-24 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਵੀ ਮਨਜ਼ੂਰੀ ਦਿੱਤੀ ਗਈ।

ਮੁੱਖ ਮੰਤਰੀ ਨੇ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਵਜ਼ੀਰਾਂ ਨਾਲ ਕੀਤੀ ਗੈਰ-ਰਸਮੀ ਗੱਲਬਾਤ ਦੌਰਾਨ ਨਸੀਹਤ ਦਿੱਤੀ ਹੈ ਕਿ ਉਹ ਆਪੋ-ਆਪਣੇ ਵਿਭਾਗਾਂ ਦੇ ਕੰਮਕਾਜ ’ਤੇ ਧਿਆਨ ਦੇਣ ਅਤੇ ਵਿਭਾਗੀ ਕੰਮ ਵਿੱਚ ਹੋਰ ਨਿਖਾਰ ਲੈ ਕੇ ਆਉਣ। ਉਨ੍ਹਾਂ ਵਜ਼ੀਰਾਂ ਨੂੰ ਵਿਭਾਗਾਂ ਵਿੱਚ ਨਵੀਆਂ ਯੋਜਨਾਵਾਂ ਅਤੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੀ ਗੱਲ ਵੀ ਆਖੀ ਹੈ। ਮੁੱਖ ਮੰਤਰੀ ਨੇ ਲੋਕ ਸਭਾ ਸੀਟਾਂ ਦੀ ਹੱਦਬੰਦੀ ਕਰਨ ਲਈ ਘੜੇ ਫ਼ਾਰਮੂਲੇ ਨਾਲ ਪੰਜਾਬ ਨੂੰ ਹੋਣ ਵਾਲੇ ਨੁਕਸਾਨ ਬਾਰੇ ਵੀ ਪੰਜਾਬੀਆਂ ਨੂੰ ਜਾਣੂ ਕਰਵਾਉਣ ਦੀ ਹਦਾਇਤ ਕੀਤੀ ਹੈ।

ਮੰਤਰੀ ਮੰਡਲ ਨੇ ਸੂਬੇ ਭਰ ਵਿੱਚ 40 ਹੁਨਰ ਸਿੱਖਿਆ ਸਕੂਲ (ਸਕੂਲ ਆਫ਼ ਅਪਲਾਈਡ ਲਰਨਿੰਗ) ਸ਼ੁਰੂ ਕਰਨ ਦੀ ਸਹਿਮਤੀ ਦਿੱਤੀ ਹੈ। ਇਸ ਤਹਿਤ ਤਕਰੀਬਨ 32 ਕਰੋੜ ਰੁਪਏ ਦੀ ਲਾਗਤ ਨਾਲ 40 ਸਕੂਲ ਖੁੱਲ੍ਹਣਗੇ, ਜਿਨ੍ਹਾਂ ਵਿੱਚ ਬੈਂਕਿੰਗ, ਵਿੱਤੀ ਸੇਵਾਵਾਂ ਤੇ ਬੀਮਾ, ਡਿਜੀਟਲ ਡਿਜ਼ਾਈਨ ਤੇ ਡਿਵੈਲਪਮੈਂਟ, ਬਿਊਟੀ ਤੇ ਵੈੱਲਨੈੱਸ ਅਤੇ ਸਿਹਤ ਸੰਭਾਲ ਵਿਗਿਆਨਾਂ ਤੇ ਸਰਵਿਸਿਜ਼ ਖੇਤਰਾਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਇਸੇ ਤਰ੍ਹਾਂ ਕਾਰਜ ਵਿਹਾਰਕ ਅੰਗਰੇਜ਼ੀ, ਕਰੀਅਰ ਫਾਊਂਡੇਸ਼ਨ ਅਤੇ ਰੋਜ਼ਾਨਾ ਦੇ ਜੀਵਨ ਵਿੱਚ ਤਕਨਾਲੋਜੀ ਬਾਰੇ ਵੀ ਕੋਰਸ ਸ਼ੁਰੂ ਕੀਤੇ ਜਾਣਗੇ।