National

ਹਿਮਾਚਲ ਪ੍ਰਦੇਸ਼ ’ਚ ਮੀਂਹ ਤੇ ਬਰਫ਼ਬਾਰੀ ਦੀ ਪੇਸ਼ੀਨਗੋਈ

ਸ਼ਿਮਲਾ-ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਵਿੱਚ ਐਤਵਾਰ ਤੱਕ ਮੀਂਹ ਅਤੇ ਬਰਫ਼ਬਾਰੀ ਦੀ ਪੇਸ਼ੀਨਗੋਈ ਕੀਤੀ ਗਈ ਹੈ। ਮੌਸਮ ਵਿਭਾਗ ਨੇ ਸ਼ਨਿਚਰਵਾਰ ਅਤੇ ਐਤਵਾਰ ਨੂੰ ਚੰਬਾ, ਕਾਂਗੜਾ ਅਤੇ ਕੁੱਲੂ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ’ਤੇ ਭਾਰੀ ਮੀਂਹ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਐਤਵਾਰ ਨੂੰ ਮੰਡੀ ਵਿੱਚ ਭਾਰੀ ਮੀਂਹ ਅਤੇ ਸ਼ਨਿਚਰਵਾਰ ਨੂੰ ਲਾਹੌਲ ਅਤੇ ਸਪਿਤੀ ’ਚ ਭਾਰੀ ਬਰਫ਼ਬਾਰੀ ਦੀ ਪੇਸ਼ੀਨਗੋਈ ਕੀਤੀ ਗਈ ਹੈ। ਮਨਾਲੀ, ਨਾਰਕੰਡਾ, ਕੁਫਰੀ, ਸੋਲਾਂਗ ਘਾਟੀ, ਸਿਸੂ ਅਤੇ ਆਸ-ਪਾਸ ਦੇ ਇਲਾਕਿਆਂ ’ਚ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਅਤੇ ਸ਼ਿਮਲਾ ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਵੀਰਵਾਰ ਤੋਂ ਐਤਵਾਰ ਤੱਕ ਕਿੰਨੌਰ, ਕਾਂਗੜਾ, ਚੰਬਾ ਅਤੇ ਕੁੱਲੂ ਜ਼ਿਲ੍ਹਿਆਂ ਦੇ ਉੱਚੇ ਇਲਾਕਿਆਂ ਵਿੱਚ ਜ਼ਿਆਦਾਤਰ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਇਸੇ ਸਮੇਂ ਦੌਰਾਨ ਸਿਰਮੌਰ, ਸ਼ਿਮਲਾ, ਮੰਡੀ, ਸੋਲਨ, ਹਮੀਰਪੁਰ, ਬਿਲਾਸਪੁਰ, ਊਨਾ, ਕਾਂਗੜਾ, ਚੰਬਾ ਅਤੇ ਕੁੱਲੂ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

ਕਸ਼ਮੀਰ ਦੇ ਕੁਝ ਇਲਾਕਿਆਂ ਵਿੱਚ ਤਾਜ਼ਾ ਬਰਫ਼ਬਾਰੀ ਹੋਈ ਹੈ, ਜਦੋਂ ਕਿ ਮੈਦਾਨੀ ਇਲਾਕਿਆਂ ਵਿੱਚ ਮੀਂਹ ਪਿਆ। ਉੱਤਰੀ ਕਸ਼ਮੀਰ ਦੇ ਬਾਰਾਮੂਲਾ ਵਿੱਚ ਗੁਲਮਰਗ, ਬਾਂਦੀਪੋਰਾ ਵਿੱਚ ਗੁਰੇਜ਼ ਅਤੇ ਕੁਝ ਹੋਰ ਥਾਵਾਂ ’ਤੇ ਪੂਰੀ ਰਾਤ ਬਰਫ਼ਬਾਰੀ ਹੋਈ, ਜੋ ਸਵੇਰ ਤੱਕ ਜਾਰੀ ਰਹੀ। ਉਨ੍ਹਾਂ ਕਿਹਾ ਕਿ ਸ੍ਰੀਨਗਰ ਸਮੇਤ ਜ਼ਿਆਦਾਤਰ ਮੈਦਾਨੀ ਇਲਾਕਿਆਂ ਵਿੱਚ ਮੀਂਹ ਪਿਆ। ਗੁਰੇਜ਼ ਵਿੱਚ ਭਾਰੀ ਬਰਫ਼ਬਾਰੀ ਕਾਰਨ ਅਧਿਕਾਰੀਆਂ ਨੇ 15 ਮਾਰਚ ਤੱਕ ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਹਨ। ਮੌਸਮ ਵਿਭਾਗ ਨੇ ਜ਼ਿਆਦਾਤਰ ਥਾਵਾਂ ’ਤੇ ਹਲਕੇ ਤੋਂ ਦਰਮਿਆਨੇ ਮੀਂਹ ਅਤੇ ਐਤਵਾਰ ਸਵੇਰ ਤੱਕ ਉੱਚੇ ਇਲਾਕਿਆਂ ਵਿੱਚ ਬਰਫ਼ਬਾਰੀ ਦੀ ਪੇਸ਼ੀਨਗੋਈ ਕੀਤੀ ਹੈ। ਇਸ ਮਗਰੋਂ ਮੌਸਮ ਵਿੱਚ ਸੁਧਾਰ ਹੋਣ ਦੀ ਸੰਭਾਵਨਾ ਹੈ।