Punjab

‘ਆਪ’ ਦੇ ਤਿੰਨ ਸਾਲਾਂ ਦੇ ਕਾਰਜਕਾਲ ’ਚ ਪੰਜਾਬ 30 ਸਾਲ ਪੱਛੜਿਆ: ਸੁਨੀਲ ਜਾਖੜ

ਚੰਡੀਗੜ੍ਹ-ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਵਿੱਚ ‘ਆਪ’ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ’ਤੇ ਕਿਹਾ ਕਿ ਇਸ ਸਰਕਾਰ ਦੇ ਰਾਜ ਵਿੱਚ ਪੰਜਾਬ 30 ਸਾਲ ਪਿੱਛੇ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਅਮਨ ਕਾਨੂੰਨ ਦੀ ਸਥਿਤੀ ਸਭ ਤੋਂ ਭਿਆਨਕ ਦੌਰ ਵਿੱਚ ਹੈ ਅਤੇ ਧਾਰਮਿਕ ਸਥਾਨਾਂ ਅਤੇ ਥਾਣਿਆਂ ’ਤੇ ਹੋਏ ਦਰਜਨਾ ਹਮਲੇ ਇਸ ਗੱਲ ਦਾ ਸਬੂਤ ਹਨ।

ਸ੍ਰੀ ਜਾਖੜ ਨੇ ਕਿਹਾ ਕਿ ਸੂਬੇ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਜਿੱਥੇ ਅਮਨ ਕਾਨੂੰਨ ਦੀ ਸਥਿਤੀ ਸਭ ਤੋਂ ਬਦਤਰ ਹਾਲਤ ਵਿੱਚ ਪਹੁੰਚ ਚੁੱਕੀ ਹੈ, ਉੱਥੇ ਹੀ ਸੂਬੇ ਦੀ ਆਰਥਿਕ ਦਸਾ ਵੀ ਕਿਸੇ ਤੋਂ ਲੁਕੀ ਹੋਈ ਨਹੀਂ। ਉਨ੍ਹਾਂ ਕਿਹਾ ਕਿ ਅਨਾੜੀ ਰਾਜ ਪ੍ਰਬੰਧ ਦੇ ਚਲਦਿਆਂ ਸੂਬਾ ਸਰਕਾਰ ਨੇ ਪੰਜਾਬ ਨੂੰ ਆਰਥਿਕ ਦੀਵਾਲੀਆਪਨ ਦੇ ਕਗਾਰ ’ਤੇ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ‘ਆਪ’ ਸਰਕਾਰ ਨੇ ਆਪਣੇ ਚੋਣ ਵਾਅਦੇ ਪੂਰੇ ਕਰਦਿਆਂ ਮਹਿਲਾਵਾਂ ਨੂੰ ਹਜ਼ਾਰ ਰੁਪਏ ਦੀ ਰਕਮ ਦਿੱਤੀ ਅਤੇ ਨਾ ਹੀ ਸੂਬੇ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕੀਤਾ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਜਿਹੜੇ ਆਗੂ ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਦੀ ਕਮਾਈ ਕਰਨ ਦੇ ਖੋਖਲੇ ਦਾਅਵੇ ਕਰਦੇ ਸਨ ਉਨਾਂ ਦੇ ਦਾਅਵੇ ਹੁਣ ਹਵਾ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬੇਸਬਰੀ ਨਾਲ 2027 ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਉਹ ਆਪਣੀ 2022 ਵਿੱਚ ਕੀਤੀ ਭੁੱਲ ਨੂੰ ਸੁਧਾਰ ਸਕਣ।