ਮੁੱਖ ਮੰਤਰੀ ਨੇ 951 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ
ਗਗਨਦੀਪ ਅਰੋੜਾਲੁਧਿਆਣਾ-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿੱਚ 951 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਦੌਰਾਨ ਉਨ੍ਹਾਂ ਨਵ-ਨਿਯੁਕਤ ਅਧਿਆਪਕਾਂ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਿਸ ਲਈ ਯੋਗ ਨੌਜਵਾਨਾਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਕਰਕੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਆਧੁਨਿਕ ਅਧਿਆਪਨ ਅਭਿਆਸ ਨਾਲ ਲੈਸ ਇਹ ਨਵ-ਨਿਯੁਕਤ ਅਧਿਆਪਕ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ, ਜਿਸ ਨਾਲ ਵਿਦਿਆਰਥੀ ਆਪਣੇ ਜੀਵਨ ਵਿੱਚ ਨਵੀਆਂ ਬੁਲੰਦੀਆਂ ਹਾਸਲ ਕਰ ਸਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਨਿਪੁੰਨ ਹਨ ਕਿਉਂਕਿ ਉਹ ਯੋਗ ਅਤੇ ਸਮਰਥ ਹਨ ਪਰ ਪਿਛਲੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਕੁਝ ਗੈਰ-ਅਧਿਆਪਨ ਕੰਮਾਂ ਵਿੱਚ ਵੀ ਲਾਇਆ ਗਿਆ ਸੀ
ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਕੂਲ ਖਾਲੀ ਸਨ ਪਰ ਸਕੂਲਾਂ ਸਾਹਮਣੇ ਪਾਣੀ ਦੀਆਂ ਟੈਂਕੀਆਂ ਉਤੇ ਅਧਿਆਪਕ ਰਹਿੰਦੇ ਸਨ ਕਿਉਂਕਿ ਅਧਿਆਪਕ ਅੰਦੋਲਨ ਕਾਰਨ ਇਨ੍ਹਾਂ ਟੈਂਕੀਆਂ ’ਤੇ ਚੜ੍ਹ ਜਾਂਦੇ ਸਨ ਪਰ ਹੁਣ ਅਜਿਹਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਰੁਚੀਆਂ ਮੁਤਾਬਕ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਆਪਣੀਆਂ ਡਿਊਟੀਆਂ ਸੁਚੱਜੇ ਢੰਗ ਨਾਲ ਨਿਭਾਉਣੀਆਂ ਚਾਹੀਦੀਆਂ ਹਨ ਅਤੇ ਵਿਦਿਆਰਥੀਆਂ ਦੇ ਰੋਲ ਮਾਡਲ ਬਣਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਤੋਂ ਇਲਾਵਾ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਸ਼ਿਕਾਰ ਹੋਏ ਲੋਕਾਂ ਦੇ ਮੁੜ ਵਸੇਬੇ ਵੱਲ ਵੀ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਕੇ ਢਹਿ-ਢੇਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਨੇਕ ਕਾਰਜ ਜਨਤਕ ਸਹਿਯੋਗ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ ਹੈ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੀ ਹਾਜ਼ਰ ਸਨ।