ਨਸ਼ੀਲੇ ਪਦਾਰਥ, ਨਕਦੀ ਅਤੇ ਹਥਿਆਰਾਂ ਸਮੇਤ 5 ਕਾਬੂ
ਚੰਡੀਗੜ੍ਹ- ਪੰਜਾਬ ਪੁਲੀਸ ਨੇ ਗੋਲੀਬਾਰੀ ਤੋਂ ਬਾਅਦ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦਿਆਂ ਡਰੱਗਜ਼ ਅਤੇ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਪੁਲੀਸ ਨੇ ਗੈਰ-ਕਾਨੂੰਨੀ ਹਥਿਆਰ, ਨਸ਼ੀਲੇ ਪਦਾਰਥ ਅਤੇ ਨਕਦੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਪੋਸਟ ਰਾਹੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਆਪਰੇਸ਼ਨ ਦੌਰਾਨ ਮੁਲਜ਼ਮਾਂ ਨੇ ਪੁਲੀਸ ਪਾਰਟੀ ’ਤੇ ਗੋਲੀਬਾਰੀ ਕੀਤੀ ਅਤੇ ਜਵਾਬੀ ਕਾਰਵਾਈ ਦੌਰਾਨ ਦੋ ਮੁਲਜ਼ਮ ਜ਼ਖਮੀ ਹੋ ਗਏ।
ਇਸ ਸਬੰਧੀ ਜਾਂਚ ਦੌਰਾਨ ਇਕਬਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਜੋ ਕਿ ਦੁਬਈ ਸਥਿਤ ਡਰੱਗ ਕਾਰਟੈਲ ਨਾਲ ਜੁੜੇ ਹਵਾਲਾ ਲੈਣ-ਦੇਣ ਵਿਚ ਇਕ ਮੁੱਖ ਸਹਾਇਕ ਸੀ। ਡੀਜੀਪੀ ਨੇ ਕਿਹਾ ਕਿ ਇਕਬਾਲ ਸਿੰਘ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਵਿਚ ਪਿਛਲੇ ਤਿੰਨ ਮਹੀਨਿਆਂ ਵਿੱਚ 50 ਕਰੋੜ ਰੁਪਏ ਦੀ ਚੈਨਲਿੰਗ ਕਰਨ ਦੀ ਗੱਲ ਕਬੂਲ ਕੀਤੀ ਹੈ। ਡੀਜੀਪੀ ਨੇ ਕਿਹਾ ਕਿ ਪੁਲੀਸ ਵੱਲੋਂ ਸੱਤ ਕਿਲੋ ਅਫੀਮ, ਤਿੰਨ ਪਿਸਤੌਲ (30 ਬੋਰ) ਛੇ ਮੈਗਜ਼ੀਨਾਂ ਸਮੇਤ, 23.10 ਲੱਖ ਰੁਪਏ ਡਰੱਗ ਮਨੀ ਅਤੇ ਨੋਟ ਗਿਣਨ ਵਾਲੀ ਮਸ਼ੀਨ ਜ਼ਬਤ ਕੀਤੀ ਗਈ ਹੈ।