Punjab

ਹਿਮਾਚਲ ਮਾਮਲਾ: ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵੱਲੋਂ ਸਖ਼ਤ ਵਿਰੋਧ

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਹਿਮਾਚਲ ਪ੍ਰਦੇਸ਼ ਅੰਦਰ ਸਿੱਖ ਵਿਰੋਧੀ ਕਾਰਵਾਈਆਂ ਦੀ ਸਖਤ ਨਿਖੇਧੀ ਕਰਦਿਆਂ ਸਥਾਨਕ ਸਰਕਾਰ ਨੂੰ ਫਿਰਕੂ ਅਨਸਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਹਿਮਾਚਲ ਵਿੱਚ ਸਿੱਖ ਸ਼ਰਧਾਲੂਆਂ ਨਾਲ ਵਾਪਰ ਰਹੀਆਂ ਘਟਨਾਵਾਂ ਤੋਂ ਸਪਸ਼ਟ ਹੈ ਕਿ ਉੱਥੋਂ ਦੀ ਸਰਕਾਰ ਤੇ ਪੁਲੀਸ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਅ ਰਹੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਗੰਭੀਰ ਮਾਮਲੇ ਉੱਤੇ ਚੁੱਪ ਰਹਿਣਾ ਵੀ ਸੂਬਾਈ ਲੋਕਾਂ ਵਿਰੁੱਧ ਭੁਗਤਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਫਰਜ਼ ਹੈ ਕਿ ਉਹ ਆਪਣੇ ਲੋਕਾਂ ਦੀ ਤਰਜਮਾਨੀ ਕਰੇ ਅਤੇ ਉਨ੍ਹਾਂ ਨਾਲ ਹੋ ਰਹੇ ਧੱਕੇ ਦਾ ਮਾਮਲਾ ਹਿਮਾਚਲ ਪ੍ਰਦੇਸ਼ ਸਰਕਾਰ ਕੋਲ ਉਠਾਏ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਸ਼ਰਧਾਲੂਆਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਜੋ ਦੇਸ਼ ਹਿੱਤ ਵਿੱਚ ਨਹੀਂ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਵੀ ਇਨ੍ਹਾਂ ਘਟਨਾਵਾਂ ਦੀ ਨਿਖੇਧੀ ਕੀਤੀ ਹੈ।