ਭਗਵੰਤ ਮਾਨ ਨੇ ਭਾਜਪਾ ਦੀ ‘ਬੁਲਡੋਜ਼ਰ ਨਿਆਂ’ ਨੀਤੀ ਨੂੰ ਅਪਣਾਇਆ: ਖਹਿਰਾ
ਚੰਡੀਗੜ੍ਹ-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ’ਤੇ ਭਾਜਪਾ ਦੀ ‘ਬੁਲਡੋਜ਼ਰ ਨਿਆਂ’ ਨੀਤੀ ਨੂੰ ਅਪਣਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਇੱਥੇ ਕਾਂਗਰਸ ਭਵਨ ਵਿੱਚ ਕਿਹਾ ਕਿ ਸਰਕਾਰ ਅਜਿਹੀਆਂ ਗਤੀਵੀਧੀਆਂ ਨੂੰ ਅੰਜਾਮ ਦੇ ਕੇ ਕੇਂਦਰ ਸਰਕਾਰ ਨੂੰ ਖੁਸ਼ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਸ੍ਰੀ ਖਹਿਰਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਦੀ ਨਕਲ ਕਰਕੇ ਤਾਨਾਸ਼ਾਹ ਰਵੱਈਏ ਨਾਲ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ’ਤੇ ਹਾਈਵੇਅ ਬੰਦ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ, ਜਦੋਂਕਿ ਹਾਈਵੇਅ ਭਾਜਪਾ ਸਰਕਾਰ ਵੱਲੋਂ ਬੰਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ 13 ਫਰਵਰੀ 2024 ਨੂੰ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਸਨ, ਜਿਨ੍ਹਾਂ ਨੂੰ ਰੋਕਣ ਲਈ ਕੰਕਰੀਟ ਦੀਆਂ ਦੀਵਾਰਾਂ ਖੜ੍ਹੀਆਂ ਕੀਤੀਆਂ ਗਈਆਂ ਅਤੇ ਹਾਈਵੇਅ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇ ਹਰਿਆਣਾ ਸਰਕਾਰ ਕੰਕਰੀਟ ਦੀਆਂ ਕੰਧਾਂ ਨਾ ਖੜ੍ਹਾ ਕਰਦੀ ਤਾਂ ਕਿਸਾਨ ਅਸਾਨੀ ਨਾਲ ਦਿੱਲੀ ਦੇ ਰਾਮਲੀਲਾ ਮੈਦਾਨ ’ਚ ਜਾ ਕੇ ਪ੍ਰਦਰਸ਼ਨ ਕਰਦੇ ਅਤੇ ਕਿਸੇ ਨੂੰ ਵੀ ਕੋਈ ਸਮੱਸਿਆ ਨਾ ਹੁੰਦੀ। ਇਸ ਦੌਰਾਨ ਕਿਸਾਨ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ ਵੀ ਮੌਜੂਦ ਰਹੇ, ਜਿਨ੍ਹਾਂ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਪੁਲੀਸ ਕਾਰਵਾਈ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਸਿਰਫ਼ ਉਨ੍ਹਾਂ ਵਾਅਦਿਆਂ ਦੀ ਪੂਰਤੀ ਦੀ ਮੰਗ ਕਰ ਰਹੇ ਸਨ, ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਕੀਤੇ ਸਨ।