ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 107 ਥਾਵਾਂ ’ਤੇ ਪੁਤਲੇ ਸਾੜੇ
ਚੰਡੀਗੜ੍ਹ-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਅੱਜ ਸੂਬੇ ਦੇ ਡੇਢ ਦਰਜਨ ਜ਼ਿਲ੍ਹਿਆਂ ਵਿੱਚ ਇਕੱਠ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਸ਼ਹੀਦਾਂ ਦੀ ਸਮਾਜ ਵਿੱਚ ਲੁਟੇਰੇ ਵਰਗ ਵੱਲੋਂ ਕਿਰਤ ਦੀ ਹੁੰਦੀ ਲੁੱਟ ਬੰਦ ਕਰਵਾ ਕੇ ਬਰਾਬਰੀ ਤੇ ਸਾਂਝੀਵਾਲਤਾ ਵਾਲਾ ਸਮਾਜ ਸਿਰਜਣ ਦੀ ਵਿਚਾਰਧਾਰਾ ’ਤੇ ਚੱਲਣ ਦਾ ਪ੍ਰਣ ਕੀਤਾ। ਇਸ ਦੇ ਨਾਲ ਹੀ ਜਥੇਬੰਦੀ ਦੇ ਆਗੂਆਂ ਵੱਲੋਂ ਸੂਬੇ ਭਰ ਵਿੱਚ 107 ਥਾਵਾਂ ’ਤੇ ਇਕੱਠ ਕਰਕੇ ਸੂਬਾ ਸਰਕਾਰ ਵੱਲੋਂ ਕਿਸਾਨਾਂ ਵਿਰੁੱਧ ਢਾਹੇ ਜਾ ਰਹੇ ਜਬਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਪੰਜਾਬ ਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਤੇ ਸੂਬਾ ਆਗੂ ਸਤਨਾਮ ਸਿੰਘ ਪੰਨੂ ਸਣੇ ਹੋਰਨਾਂ ਕਿਸਾਨ-ਮਜ਼ਦੂਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ, ਛੋਟੇ ਵਪਾਰੀਆਂ, ਛੋਟੇ ਸਨਅਤਕਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਦਾ ਕਿੱਤਾ ਤਬਾਹ ਕਰਕੇ ਕਾਰਪੋਰੇਟ ਦੇ ਹੱਥਾਂ ਵਿੱਚ ਦੇਣ ਲਈ ਲਾਗੂ ਕੀਤੇ ਜਾ ਰਹੇ ਕੇਂਦਰ ਸਰਕਾਰ ਦੇ ਵਿਕਾਸ ਮਾਡਲ ਦਾ ਰਾਹ ਪੱਧਰਾ ਕਰਨ ਲਈ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਹਮਲਾ ਕਰਕੇ ਮੋਰਚੇ ਨੂੰ ਖਦੇੜਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਦੇ ਕਰੋੜਾਂ ਰੁਪਏ ਦੇ ਸਾਮਾਨ ਦੀ ਭੰਨ ਤੋੜ ਤੇ ਚੋਰੀ ਕਰ ਕੇ, ਸੈਂਕੜੇ ਕਿਸਾਨ ਆਗੂਆਂ ਤੇ ਬੀਬੀਆਂ ਨੂੰ ਜੇਲ੍ਹਾਂ ਵਿੱਚ ਡੱਕ ਕੇ, ਬੁਲਡੋਜ਼ਰ ਚਲਾ ਕੇ ਲੋਕਾਂ ਦੇ ਘਰ ਢਾਹ ਕੇ, ਭਾਰਤ ਮਾਲਾ ਪ੍ਰਾਜੈਕਟ ਲਈ ਜਬਰੀ ਜ਼ਮੀਨਾਂ ’ਤੇ ਕਬਜ਼ੇ ਕਰ ਕੇ ਪੰਜਾਬ ਨੂੰ ਪੁਲੀਸ ਰਾਜ ਵਿੱਚ ਤਬਦੀਲ ਕਰ ਦਿੱਤਾ ਹੈ। ਜਥੇਬੰਦੀ ਦੇ ਆਗੂਆਂ ਨੇ ਐਲਾਨ ਕੀਤਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਸਬੰਧਤ ਜੇਲ੍ਹਾਂ ਵਿੱਚ ਡੱਕੇ ਮੁੱਖ ਆਗੂ ਸਰਵਣ ਸਿੰਘ ਪੰਧੇਰ, ਰਣਯੋਧ ਕੌਰ ਕੱਲਾ ਸਣੇ 35 ਆਗੂ ਜ਼ਮਾਨਤ ਨਹੀਂ ਕਰਵਾਉਣਗੇ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਜੇਲ੍ਹਾਂ ਵਿੱਚ ਡੱਕੇ ਸਾਰੇ ਆਗੂ ਤਰੁੰਤ ਰਿਹਾਅ ਕੀਤੇ ਜਾਣ ਅਤੇ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਕਰੋੜਾਂ ਰੁਪਏ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਕਰੇ ਤੇ ਬਾਰਡਰਾਂ ਤੇ ਪੁਲੀਸ ਦੀ ਹਾਜ਼ਰੀ ਵਿੱਚ ਚੋਰੀ ਕੀਤੇ ਗਏ ਸਾਮਾਨ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਇਸ ਤੋਂ ਇਲਾਵਾ ਪੁਲੀਸ ਅਫਸਰਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਹਲਕਾ ਘਨੌਰ ਦੇ ਵਿਧਾਇਕ ਦੇ ਰਿਸ਼ਤੇਦਾਰ ਦੇ ਘਰੋਂ ਕਥਿਤ ਬਰਾਮਦ ਕੀਤੀਆਂ ਗਈਆਂ ਟਰਾਲੀਆਂ ਦੇ ਦੋਸ਼ ਹੇਠ ਪਰਚੇ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ ਤੇ ਆਪਣਾ ਸਾਮਾਨ ਲੈਣ ਗਏ ਕਿਸਾਨ ਆਗੂਆਂ ਦੀ ਕੁੱਟਮਾਰ ਦੇ ਮੁਲਜ਼ਮਾਂ, ਪਿੰਡ ਸਰ੍ਹੋਂ ਤਹਿਸੀਲ ਰਾਜਪੁਰਾ ਦੇ ਸਰਪੰਚ ਡਿੰਪਲ ਸਣੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।