ਅਨਾਜ ਦੀ ਚੁਕਾਈ ਤੇਜ਼ ਕਰਨ ਲਈ ਜੋਸ਼ੀ ਨੂੰ ਮਿਲੇ ਮੁੱਖ ਮੰਤਰੀ
ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਰ ਸ਼ਾਮ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕੇਂਦਰੀ ਮੰਤਰੀ ਤੋਂ ਸੂਬੇ ਵਿੱਚੋਂ ਅਨਾਜ (ਚੌਲ ਅਤੇ ਕਣਕ) ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਦਖ਼ਲ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਹਿਲੀ ਅਪਰੈਲ ਤੋਂ ਹਾੜ੍ਹੀ ਮਾਰਕੀਟਿੰਗ ਸੀਜ਼ਨ 2025-26 ਸ਼ੁਰੂ ਹੋ ਰਿਹਾ ਹੈ, ਜਿਸ ਵਿੱਚ 124 ਲੱਖ ਟਨ ਕਣਕ ਖ਼ਰੀਦਣ ਦੀ ਉਮੀਦ ਹੈ। ਪਿਛਲੇ ਫ਼ਸਲੀ ਸੀਜ਼ਨ ਦੀ ਲਗਪਗ ਪੰਜ ਲੱਖ ਟਨ ਕਣਕ ਵੀ ਸੂਬੇ ਵਿੱਚ ਸਟਾਕ ਕੀਤੀ ਪਈ ਹੈ, ਜਿਸ ਕਾਰਨ ਸੂਬੇ ਨੂੰ ਲਗਪਗ 129 ਲੱਖ ਟਨ ਕਣਕ ਦੇ ਭੰਡਾਰਨ ਲਈ ਪ੍ਰਬੰਧ ਕਰਨੇ ਪਏ। ਉਨ੍ਹਾਂ ਕਿਹਾ ਕਿ ਸਟੋਰੇਜ ਲਈ ਥਾਂ ਦੀ ਘਾਟ ਹੈ ਅਤੇ ਏਜੰਸੀਆਂ ਕੋਲ ਉਪਲਬਧ ਜ਼ਿਆਦਾਤਰ ਕਵਰਡ ਜਗ੍ਹਾ ਚੌਲਾਂ ਦੇ ਭੰਡਾਰਨ ਲਈ ਵਰਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਟੋਰੇਜ ਲਈ ਥਾਂ ਦੀ ਕਮੀ ਨਾਲ ਨਜਿੱਠਣ ਲਈ ਘੱਟੋ-ਘੱਟ 25 ਲੱਖ ਮੀਟਰਿਕ ਟਨ ਕਣਕ ਦੀ ਸਿੱਧੀ ਡਿਲਿਵਰੀ ਲਈ ਸਪੈਸ਼ਲ ਟਰੇਨਾਂ ਦੀ ਲੋੜ ਹੋਵੇਗੀ। ਉਨ੍ਹਾਂ ਕਿਹਾ ਕਿ ਚੌਲਾਂ ਲਈ ਜਗ੍ਹਾ ਦੀ ਘਾਟ ਕਾਰਨ ਐੱਫ.ਸੀ.ਆਈ. ਵੱਲੋਂ ਹੁਣ ਤੱਕ ਸਿਰਫ਼ 45 ਫ਼ੀਸਦੀ ਚੌਲ ਹੀ ਲਏ ਗਏ ਹਨ ਜਦੋਂਕਿ ਮਿਲਿੰਗ ਦੀ ਆਖ਼ਰੀ ਮਿਤੀ 31 ਮਾਰਚ 2025 ਹੈ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਸ੍ਰੀ ਜੋਸ਼ੀ ਨੂੰ ਸਥਿਤੀ ਨਾਲ ਨਜਿੱਠਣ ਲਈ ਮਿਲਿੰਗ ਦੀ ਮਿਤੀ ਵਧਾਉਣ ਲਈ ਜ਼ੋਰ ਪਾਇਆ। ਮੁੱਖ ਮੰਤਰੀ ਸ੍ਰੀ ਮਾਨ ਨੇ ਕੇਂਦਰੀ ਮੰਤਰੀ ਕੋਲ ਸਾਈਲੋਜ ਵਿੱਚ ਕਣਕ ਦੀ ਖ਼ਰੀਦ ਲਈ ਆੜ੍ਹਤੀਆਂ ਦੇ ਕਮਿਸ਼ਨ ਵਿੱਚ ਕਟੌਤੀ ਦਾ ਮੁੱਦਾ ਚੁੱਕਿਆ। ਜੇਕਰ ਆੜ੍ਹਤੀਆਂ ਨੂੰ ਸਾਈਲੋਜ ਤੋਂ ਖ਼ਰੀਦ ਲਈ ਕਮਿਸ਼ਨ, ਨਿਯਮਿਤ ਮੰਡੀਆਂ ’ਤੇ ਖ਼ਰੀਦ ਦੇ ਬਰਾਬਰ ਦਿੱਤਾ ਜਾਂਦਾ ਹੈ ਤਾਂ ਮੰਡੀ ਲੇਬਰ ਅਤੇ ਆਵਾਜਾਈ ਖਰਚਿਆਂ ਦੇ ਪੱਖ ਤੋਂ ਬੱਚਤ ਹੋਵੇਗੀ। ਇਸ ਦੌਰਾਨ ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ, ਸੂਬਾ ਸਰਕਾਰ ਦੀਆਂ ਮੰਗਾਂ ’ਤੇ ਵਿਚਾਰ ਕਰੇਗੀ।