National

ਗ਼ੈਰ-ਜਮਹੂਰੀ ਢੰਗ ਨਾਲ ਚੱਲ ਰਹੀ ਹੈ ਲੋਕ ਸਭਾ: ਰਾਹੁਲ

ਨਵੀਂ ਦਿੱਲੀ,-ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਸਦਨ ’ਚ ਬੋਲਣ ਦਾ ਮੌਕਾ ਨਹੀਂ ਦਿੱਤਾ ਜਾ ਰਿਹਾ ਹੈ ਜੋ ‘ਗ਼ੈਰ-ਜਮਹੂਰੀ ਢੰਗ’ ਨਾਲ ਚਲਾਇਆ ਜਾ ਰਿਹਾ ਹੈ।

ਰਾਹੁਲ ਨੇ ਕਿਹਾ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਵੱਲੋਂ ਉਨ੍ਹਾਂ ਬਾਰੇ ਆਧਾਰਹੀਣ ਟਿੱਪਣੀਆਂ ਕੀਤੀਆਂ ਗਈਆਂ ਹਨ। ਕਾਂਗਰਸ ਆਗੂ ਦਾ ਇਹ ਪ੍ਰਤੀਕਰਮ ਉਸ ਸਮੇਂ ਆਇਆ ਹੈ ਜਦੋਂ ਬਿਰਲਾ ਨੇ ਉਨ੍ਹਾਂ ਨੂੰ ਸਦਨ ਦੀ ਮਰਿਆਦਾ ਕਾਇਮ ਰਖਦਿਆਂ ਨੇਮਾਂ ਦੀ ਪਾਲਣਾ ਕਰਨ ਲਈ ਕਿਹਾ। ਇਹ ਫੌਰੀ ਸਪੱਸ਼ਟ ਨਹੀਂ ਹੋ ਸਕਿਆ ਕਿ ਸਪੀਕਰ ਨੇ ਕਿਸ ਕਾਰਨ ਇਹ ਟਿੱਪਣੀ ਕੀਤੀ ਸੀ। ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਿਹਾ ਕਿ ਸਪੀਕਰ ਨੇ ਉਨ੍ਹਾਂ ਬਾਰੇ ਕੁਝ ਟਿੱਪਣੀਆਂ ਕੀਤੀਆਂ ਹਨ ਅਤੇ ਫਿਰ ਉਨ੍ਹਾਂ ਨੂੰ ਬੋਲਣ ਦਾ ਮੌਕਾ ਦਿੱਤੇ ਬਿਨਾਂ ਹੀ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ।

ਰਾਹੁਲ ਨੇ ਕਿਹਾ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਉਪ ਨੇਤਾ ਗੌਰਵ ਗੋਗੋਈ, ਪਾਰਟੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਪਾਰਟੀ ਵਿੱਪ੍ਹ ਮਨੀਕਮ ਟੈਗੋਰ ਸਮੇਤ ਕਰੀਬ 70 ਕਾਂਗਰਸੀ ਸੰਸਦ ਮੈਂਬਰਾਂ ਨੇ ਸਪੀਕਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਦਨ ’ਚ ਬੋਲਣ ਦਾ ਮੌਕਾ ਨਾ ਦੇਣ ਦਾ ਮੁੱਦਾ ਚੁੱਕਿਆ। ਸੰਸਦ ਭਵਨ ਕੰਪਲੈਕਸ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਰਵਾਇਤ ਰਹੀ ਹੈ ਕਿ ਜਦੋਂ ਵੀ ਵਿਰੋਧੀ ਧਿਰ ਦਾ ਆਗੂ ਖੜ੍ਹਾ ਹੁੰਦਾ ਹੈ ਤਾਂ ਉਸ ਨੂੰ ਬੋਲਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਪਰ ਜਦੋਂ ਵੀ ਉਹ ਖੜ੍ਹੇ ਹੁੰਦੇ ਹਨ ਤਾਂ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਜਾਂਦਾ ਹੈ।