featuredPunjab

ਨਹਿਰੀ ਪਾਣੀ ਪ੍ਰਦੂਸ਼ਿਤ ਕਰਨ ਦਾ ਮੁੱਦਾ ਭਖਿਆ

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ’ਚ ਪ੍ਰਸ਼ਨ ਕਾਲ ਦੌਰਾਨ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰ ਵੱਲੋਂ ਨਹਿਰਾਂ ਦਾ ਪਾਣੀ ਪ੍ਰਦੂਸ਼ਿਤ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਬਰਿੰਦਰ ਗੋਇਲ ਹਲਕਾ ਸੁਜਾਨਪੁਰ ਦੇ ਵਿਧਾਇਕ ਨਰੇਸ਼ ਪੁਰੀ ਵੱਲੋਂ ਨਹਿਰੀ ਪਾਣੀ ਪ੍ਰਦੂਸ਼ਣ ਸਬੰਧੀ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੁਲੀਸ ਨੇ 355 ਜਣਿਆਂ ਵਿਰੁੱਧ ਕੇਸ ਦਰਜ ਕੀਤੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਕੂੜੇ ਨੂੰ ਨਹਿਰਾਂ ਦੇ ਕੰਢਿਆਂ ਅਤੇ ਨਹਿਰਾਂ ’ਚ ਸ਼ਰੇਆਮ ਸੁੱਟ ਰਹੇ ਹਨ। ਇਹ ਮਾਮਲਾ ਖ਼ਾਸ ਤੌਰ ’ਤੇ ਸ਼ਹਿਰੀ ਅਤੇ ਕੁਝ ਪੇਂਡੂ ਖੇਤਰਾਂ ’ਚ ਸਾਹਮਣੇ ਆਇਆ ਹੈ ਜੋ ਪਾਣੀ ਦੀ ਗੁਣਵੱਤਾ ਲਈ ਇੱਕ ਵੱਡਾ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਰਾਜ ਭਰ ਵਿੱਚ ਪ੍ਰਦੂਸ਼ਣ ਵਾਲੀਆਂ 492 ਥਾਵਾਂ ਦੀ ਸ਼ਨਾਖ਼ਤ ਕੀਤੀ ਹੈ। ਇਨ੍ਹਾਂ ਵਿੱਚੋਂ 444 ਥਾਵਾਂ ਨੂੰ ਪਹਿਲਾਂ ਹੀ ਦਰੁਸਤ ਕਰ ਦਿੱਤਾ ਹੈ ਅਤੇ ਬਾਕੀ 48 ਥਾਵਾਂ ਨੂੰ ਵੀ ਵਿਆਪਕ ਰਣਨੀਤੀ ਰਾਹੀਂ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਸ਼ਹਿਰੀ ਖੇਤਰਾਂ ਵਿੱਚ ਕਾਰਜਕਾਰੀ ਅਧਿਕਾਰੀਆਂ ਅਤੇ ਪੇਂਡੂ ਖੇਤਰਾਂ ਵਿੱਚ ਗ਼ਲਤ ਕਾਰਵਾਈਆਂ ’ਚ ਸ਼ਾਮਲ ਸਰਕਾਰੀ ਅਧਿਕਾਰੀਆਂ ਵਿਰੁੱਧ ਜ਼ਰੂਰੀ ਅਨੁਸ਼ਾਸਨੀ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ ਹੈ।