ਵਾਇਨਾਡ ’ਚ ਮੁੜ ਵਸੇਬੇ ਲਈ ਕੇਂਦਰ ਤੋਂ ਕੋਈ ਮਦਦ ਨਹੀਂ ਮਿਲੀ: ਪ੍ਰਿਯੰਕਾ
ਵਾਇਨਾਡ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਕਿਹਾ ਕਿ ਵਾਇਨਾਡ ’ਚ ਕੁਦਰਤੀ ਆਫ਼ਤ ਦੇ ਪੀੜਤਾਂ ਦੇ ਮੁੜ ਵਸੇਬੇ ਲਈ ਕੇਂਦਰੀ ਵਿੱਤੀ ਸਹਾਇਤਾ ਯਕੀਨੀ ਬਣਾਉਣ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਕੇਂਦਰ ਸਰਕਾਰ ਤੋਂ ਕੋਈ ਮਦਦ ਨਹੀਂ ਮਿਲੀ ਅਤੇ ਉਸ ਨੇ ਜੋ ਵੀ ਸਹਾਇਤਾ ਦਿੱਤੀ ਉਹ ਕਿਸੇ ਤੋਂ ਲੁਕੀ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੀੜਤਾਂ ਦੇ ਮੁੜ ਵਸੇਬੇ ਲਈ ਕੇਰਲ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਮਾਡਲ ਟਾਊਨਸ਼ਿਪ ਪ੍ਰਾਜੈਕਟ ਪੀੜਤਾ ਦੀ ਜ਼ਿੰਦਗੀ ਲੀਹ ’ਤੇ ਲਿਆਉਣ ਤੇ ਉਨ੍ਹਾਂ ਨੂੰ ਭਵਿੱਖ ਲਈ ਆਸ ਦੇਣ ਦੀ ਦਿਸ਼ਾ ’ਚ ਪਹਿਲਾ ਕਦਮ ਹੈ। ਵਾਇਨਾਡ ਤੋਂ ਲੋਕ ਸਭਾ ਮੈਂਬਰ ਵਾਡਰਾ ਟਾਊਨਸ਼ਿਪ ਦਾ ਨੀਂਹ ਪੱਥਰ ਰੱਖਣ ਸਬੰਧੀ ਸਮਾਗਮ ਨੂੰ ਸੰਬੋਧਨ ਕਰ ਰਹੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਕੇਰਲ ’ਚ ਪੰਚਇਤਾਂ ਦੇ ਕੰਮ ਕਰਨ ਦੇ ਢੰਗ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਖੁਦ ਦੇਖਿਆ ਹੈ ਕਿ ਪਿਛਲੇ ਸਾਲ ਪਹਾੜੀ ਜ਼ਿਲ੍ਹੇ ’ਚ ਕੁਦਰਤੀ ਆਫ਼ਤ ਤੋਂ ਬਾਅਦ ਪੰਚਾਇਤਾਂ ਨੇ ਕਿਸ ਤਰ੍ਹਾਂ ਕੰਮ ਕੀਤਾ ਹੈ।
ਇਸ ਟਾਊਨਸ਼ਿਪ ਦਾ ਨੀਂਹ ਪੱਥਰ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਰੱਖਿਆ। ਵਿਜਯਨ ਨੇ ਵੀ ਦਾਅਵਾ ਕੀਤਾ ਕਿ ਕੁਦਰਤੀ ਆਫ਼ਤ ਦੇ ਪੀੜਤਾਂ ਦੇ ਮੁੜ ਵਸੇਬੇ ਲਈ ਕੇਂਦਰ ਸਰਕਾਰ ਤੋਂ ਹੁਣ ਤੱਕ ਕੋਈ ਮਦਦ ਨਹੀਂ ਮਿਲੀ। ਇਸ ਮਗਰੋਂ ਪ੍ਰਿਯੰਕਾ ਗਾਂਧੀ ਨੇ ਇੱਥੋਂ ਦੇ ਸ੍ਰੀ ਸੀਤਾ ਦੇਵੀ ਲਵ ਕੁਸ਼ ਮੰਦਰ ’ਚ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੇ ਮੁੜ ਵਸੇਬੇ ਲਈ ਸਾਰਿਆਂ ਨੂੰ ਸਕਾਰਾਤਮਕ ਨਜ਼ਰੀਆ ਅਪਣਾਉਣ ਦੀ ਲੋੜ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਜਿੰਨੀ ਹੋ ਸਕੇ ਕੁਦਰਤੀ ਆਫ਼ਤ ਦੇ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਪ੍ਰਿਯੰਕਾ ਗਾਂਧੀ ਵਾਡਰਾ ਤਿੰਨ ਰੋਜ਼ਾ ਦੌਰੇ ’ਤੇ ਵਾਇਨਾਡ ਆਏ ਹਨ ਜਿੱਥੇ ਉਹ ਵੱਖ ਵੱਖ ਸਮਾਗਮਾਂ ਵਿੱਚ ਸ਼ਾਮਲ ਹੋਣਗੇ।