Punjab

ਪਾਸਟਰ ਬਜਿੰਦਰ ਤੋਂ ਦੁਖੀ ਦੋ ਬੀਬੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲ ਕੇ ਮਦਦ ਦੀ ਅਪੀਲ

ਅੰਮ੍ਰਿਤਸਰ-ਇਕ ਇਸਾਈ ਆਗੂ ਤੋਂ ਪੀੜਤ ਦੋ ਬੀਬੀਆਂ ਨੇ ਸ਼ਨਿੱਚਰਵਾਰ ਨੂੰ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਹੈ ਅਤੇ ਉਹਨਾਂ ਨੂੰ ਨਿਆ ਦਿਵਾਉਣ ਲਈ ਮਦਦ ਦੀ ਅਪੀਲ ਕੀਤੀ ਹੈ।

ਇਹਨਾਂ ਦੋ ਬੀਬੀਆਂ ਨੇ ਪਾਸਟਰ ਬਜਿੰਦਰ (Pastor Bajinder) ਵੱਲੋਂ ਕਥਿਤ ਤੌਰ ’ਤੇ ਵਧੀਕੀ ਕੀਤੇ ਜਾਣ ਦੇ ਦੋਸ਼ ਲਾਏ ਹਨ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਉਹਨਾਂ ਨਾਲ ਵਾਪਰੇ ਸਮੁੱਚੇ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ ਹੈ। ਜਥੇਦਾਰ ਵੱਲੋਂ ਦੋਵੇਂ ਬੀਬੀਆਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਸਰਕਾਰ ਨੂੰ ਤਾੜਨਾ ਕੀਤੀ ਕਿ ਦੋਸ਼ੀ ਧਾਰਮਿਕ ਆਗੂ ਦੇ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।

ਉਪਰੰਤ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਹਮੇਸ਼ਾ ਹੀ ਮਜ਼ਲੂਮਾਂ ਨਾਲ ਖੜ੍ਹਾ ਹੋਇਆ ਹੈ ਅਤੇ ਮਦਦ ਕੀਤੀ ਹੈ। ਉਹਨਾਂ ਕਿਹਾ ਕਿ ਇਹਨਾਂ ਬੀਬੀਆਂ ਨੇ ਆਪ ਬੀਤੀ ਬਿਆਨ ਕੀਤੀ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਵੱਲੋਂ ਪੀੜਤ ਬੀਬੀਆਂ ਨੂੰ ਇਨਸਾਫ਼ ਦਿਵਾਉਣ ਵਾਸਤੇ ਹਰ ਸੰਭਵ ਮਦਦ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸਮੂਹ ਧਰਮਾਂ ਦੇ ਆਗੂਆਂ ਨੂੰ ਮਜ਼ਲੂਮਾਂ ਦੇ ਹੱਕ ਵਿੱਚ ਖੜ੍ਹਾ ਹੋਣਾ ਚਾਹੀਦਾ ਹੈ।