Punjab

ਕਿਸਾਨਾਂ ਵੱਲੋਂ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਮੁਜ਼ਾਹਰੇ

ਚੰਡੀਗੜ੍ਹ-ਪੰਜਾਬ ਪੁਲੀਸ ਵੱਲੋਂ ਸ਼ੰਭੂ ਤੇ ਖਨੌਰੀ ਬਾਰਡਰ ’ਤੇ 13 ਮਹੀਨਿਆਂ ਤੋਂ ਸ਼ਾਂਤਮਈ ਢੰਗ ਨਾਲ ਪੱਕਾ ਮੋਰਚਾ ਲਾਈ ਬੈਠੇ ਕਿਸਾਨਾਂ ਵਿਰੁੱਧ ਕੀਤੀ ਕਾਰਵਾਈ ਤੋਂ ਨਾਰਾਜ਼ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੱਜ ਪੰਜਾਬ ਭਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਵਿੱਚ ਸਥਿਤ ਰਿਹਾਇਸ਼ ਸਣੇ ਸਾਰੇ ਵਜ਼ੀਰਾਂ ਤੇ ਵਿਧਾਇਕਾਂ ਦੀ ਰਿਹਾਇਸ਼ ਅੱਗੇ ਮੁਜ਼ਾਹਰੇ ਕੀਤੇ ਗਏ। ਕਿਸਾਨਾਂ ਨੇ 17 ਜ਼ਿਲ੍ਹਿਆਂ ਵਿੱਚ ਢਾਈ ਦਰਜਨ ਦੇ ਕਰੀਬ ਥਾਵਾਂ ’ਤੇ ਪ੍ਰਦਰਸ਼ਨ ਕੀਤੇ। ਇਨ੍ਹਾਂ ਵਿੱਚ ਕਿਸਾਨਾਂ-ਮਜ਼ਦੂਰਾਂ, ਨੌਜਵਾਨਾਂ, ਬਜ਼ੁਰਗਾਂ ਤੇ ਬੀਬੀਆਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਸਰਕਾਰਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਜਲਦ ਪ੍ਰਵਾਨ ਕਰਨ ਦੀ ਅਪੀਲ ਕੀਤੀ। ਪੰਜਾਬ ਵਿੱਚ ਕੁਝ ਥਾਵਾਂ ’ਤੇ ਹੋਰ ਪੁਲੀਸ ’ਤੇ ਕਿਸਾਨਾਂ ਵਿਚਕਾਰ ਤਕਰਾਰ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੰਭੂ ਤੇ ਖਨੌਰੀ ਬਾਰਡਰ ਤੋਂ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਖਦੇੜਨ ਤੋਂ ਬਾਅਦ ਮੁੜ ਪੰਜਾਬ ਦੇ ਲੋਕ ਉਸ ਤਸ਼ੱਦਦ ਖ਼ਿਲਾਫ਼ ਉੱਠ ਖੜ੍ਹੇ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਫ਼ਸਲਾਂ ਦੀ ਐੱਮਐੱਸਪੀ ’ਤੇ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ, ਕਿਸਾਨ-ਮਜ਼ਦੂਰ ਦੀ ਕਰਜ਼ਾ ਮੁਕਤੀ, ਮਨਰੇਗਾ ਤਹਿਤ ਵੱਧ ਰੁਜ਼ਗਾਰ ਦੀ ਮੰਗ ਸਣੇ 12 ਮੰਗਾਂ ਨੂੰ ਜਲਦ ਮੰਨਿਆ ਜਾਵੇ। ਸ਼ੰਭੂ ਤੇ ਖਨੌਰੀ ਬਾਰਡਰ ਤੋਂ ਮੋਰਚੇ ਖਦੇੜਨ ਮੌਕੇ ਕਿਸਾਨਾਂ ਦੇ ਹੋਏ ਮਾਲੀ ਨੁਕਸਾਨ ਦੀ ਭਰਭਾਈ ਪੰਜਾਬ ਸਰਕਾਰ ਕਰੇ ਅਤੇ ਕਿਸਾਨਾਂ ਦਾ ਸਾਮਾਨ ਚੋਰੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਨਾਲ ਕੁੱਟਮਾਰ ਕਰਨ ਵਾਲੇ ਥਾਣਾ ਸ਼ੰਭੂ ਦੇ ਐੱਸਐੱਚਓ ਹਰਪ੍ਰੀਤ ਸਿੰਘ ਨੂੰ ਬਰਖ਼ਾਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਸੰਘਰਸ਼ ਦੇ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਕਿਸਾਨਾਂ ਨੇ ਟੌਲ ਟੈਕਸ ਦਰਾਂ ’ਚ ਕੀਤੇ ਵਾਧੇ ਦੀ ਨਿਖੇਧੀ ਕੀਤੀ।

ਇਸ ਮੌਕੇ ਬਲਦੇਵ ਸਿੰਘ ਜੀਰਾ, ਅਮਰਜੀਤ ਸਿੰਘ ਰੜਾ, ਜਸਵਿੰਦਰ ਸਿੰਘ ਲੌਂਗੋਵਾਲ, ਸੁਖਦੇਵ ਸਿੰਘ ਭੋਜਰਾਜ, ਮਨਜੀਤ ਸਿੰਘ ਰਾਏ, ਸੁਖਜੀਤ ਸਿੰਘ ਹਰਦੋਝੰਡੇ, ਮਲਕੀਤ ਸਿੰਘ ਗ਼ੁਲਾਮੀਵਾਲਾ ਹਾਜ਼ਰ ਰਹੇ।