Punjab

ਸ਼੍ਰੋਮਣੀ ਅਕਾਲੀ ਦਲ ਨੇ 26 ਲੱਖ ਮੈਂਬਰ ਭਰਤੀ ਕੀਤੇ

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਸੂਬੇ ਵਿੱਚ ਸ਼ੁਰੂ ਕੀਤੀ ਭਰਤੀ ਮੁਹਿੰਮ ਅੱਜ ਖਤਮ ਕਰ ਦਿੱਤੀ ਹੈ। ਇਸ ਭਰਤੀ ਮੁਹਿੰਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ 26 ਲੱਖ ਦੇ ਕਰੀਬ ਲੋਕਾਂ ਨੂੰ ਪਾਰਟੀ ਦਾ ਮੈਂਬਰ ਬਣਾਇਆ ਗਿਆ ਹੈ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ 2 ਤੋਂ 6 ਅਪਰੈਲ ਤੱਕ ਪੰਜਾਬ ਭਰ ਵਿੱਚ ਜ਼ਿਲ੍ਹਾ ਤੇ ਸੂਬਾ ਡੈਲੀਗੇਟਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਚੰਡੀਗੜ੍ਹ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਚੋਣ ਆਬਜ਼ਰਵਰਾਂ ਨਾਲ ਮੀਟਿੰਗ ਕੀਤੀ ਹੈ ਜਿਨ੍ਹਾਂ ਨੇ ਭਰਤੀ ਮੁਹਿੰਮ ਦੇ ਸੰਪੂਰਨ ਹੋਣ ’ਤੇ ਤਸੱਲੀ ਪ੍ਰਗਟ ਕੀਤੀ।

ਡਾ. ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ 26 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੇ ਅਪਮਾਨ ਦੇ ਮਾਮਲੇ ਵਿੱਚ ਢੁਕਵੀਂ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ। ਇਸ ਕਰਕੇ ਵੰਡ ਪਾਊ ਤੱਤ ਹੋਰ ਉਤਸ਼ਾਹਿਤ ਹੋਏ ਅਤੇ ਇਸ ਦੇ ਨਤੀਜੇ ਵਜੋਂ ਫਿਲੌਰ ਵਿੱਚ ਡਾ. ਅੰਬੇਡਕਰ ਦੇ ਬੁੱਤ ਦੇ ਸ਼ੀਸ਼ੇ ਤੋੜ ਦਿੱਤੇ ਗਏ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾਵਾਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਹਨ। ਪਾਰਟੀ ਨੇ ਅਜਿਹੀ ਘਿਨੌਣੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾਈ ਰੱਖਣ ਤੇ ਮੰਗ ਕੀਤੀ ਕਿ ਸਾਰੇ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇ।

ਡਾ. ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਸੁਰੱਖਿਆ ਨੂੰ ਵਾਪਸ ਲੈਣ ਦੀ ਕਾਰਵਾਈ ਦੀ ਨਿਖੇਧੀ ਕੀਤੀ ਅਤੇ ਇਸ ਨੂੰ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਸਰਕਾਰ ਸਿਖ਼ਰਲੀ ਅਕਾਲੀ ਲੀਡਰਸ਼ਿਪ ਨੂੰ ਖ਼ਤਮ ਕਰਨ ਵਾਸਤੇ ਸਾਜ਼ਿਸ਼ ਰਚ ਰਹੀ ਹੈ। ਡਾ. ਚੀਮਾ ਨੇ ਮੁਸਲਿਮ ਭਾਈਚਾਰੇ ਨਾਲ ਬਿਨਾਂ ਵਿਚਾਰ ਵਟਾਂਦਰਾ ਕੀਤਿਆਂ ਵਕਫ਼ ਬੋਰਡ ਬਿੱਲ ਪੇਸ਼ ਕਰਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਬਿੱਲ ਰਾਹੀਂ ਸਰਕਾਰੀ ਕੰਟਰੋਲ ਵਿੱਚ ਵਾਧਾ ਕਰਨ ਵਾਸਤੇ ਵਕਫ ਬੋਰਡ ਵਿੱਚ ਮੈਂਬਰਾਂ ਦੀ ਗਿਣਤੀ ਵਧਾਉਣ ਦੀ ਤਜਵੀਜ਼ ਰੱਖੀ ਗਈ ਹੈ ਅਤੇ ਨਾਲ ਹੀ ਗੈਰ ਮੁਸਲਿਮ ਮੈਂਬਰਾਂ ਨੂੰ ਇਸ ਬੋਰਡ ਦਾ ਮੈਂਬਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵਾਜਬ ਨਹੀਂ ਹੈ।