National

ਜੰਮੂ-ਕਸ਼ਮੀਰ: ਸ਼ਾਹ ਵੱਲੋਂ ਸੁਰੱਖਿਆ ਹਾਲਾਤ ਦਾ ਜਾਇਜ਼ਾ

ਸ੍ਰੀਨਗਰ-ਕੇਂਦਰੀ ਗ੍ਰਹਿ ਮੰਤਰੀ ਨੇ ਅੱਜ ਇੱਥੇ ਜੰਮੂ-ਕਸ਼ਮੀਰ ਵਿੱਚ ਰਹੇ ਵਿਕਾਸ ਪ੍ਰਾਜੈਕਟਾਂ ਅਤੇ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਦੋ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਉਨ੍ਹਾਂ ਸੁਰੱਖਿਆ ਏਜੰਸੀਆਂ ਦੀ ਸ਼ਲਾਘਾ ਵੀ ਕੀਤੀ। ਰਾਜ ਭਵਨ ਵਿੱਚ ਹੋਈ ਮੀਟਿੰਗ ਵਿੱਚ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਗਈ। ਇਸ ਵਿੱਚ ਉਪ ਰਾਜਪਾਲ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਸਮੇਤ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ। ਦੋ ਘੰਟੇ ਤੱਕ ਚੱਲੀ ਇਸ ਮੀਟਿੰਗ ਤੋਂ ਬਾਅਦ ਉਨ੍ਹਾਂ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਹੋਰ ਮੀਟਿੰਗ ਕੀਤੀ, ਜੋ ਢਾਈ ਘੰਟੇ ਚੱਲੀ।

ਅਧਿਕਾਰੀਆਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਪੁਲੀਸ ਅਤੇ ਫੌਜ ਸਮੇਤ ਹੋਰ ਸੁਰੱਖਿਆ ਬਲਾਂ ਦੇ ਉੱਚ ਅਧਿਕਾਰੀ ਸ਼ਾਮਲ ਸਨ ਪਰ ਮੁੱਖ ਮੰਤਰੀ ਅਬਦੁੱਲਾ ਨੇ ਇਸ ਮੀਟਿੰਗ ਵਿੱਚ ਸ਼ਮੂਲੀਅਤ ਨਹੀਂ ਕੀਤੀ। ਗ੍ਰਹਿ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਸੁਰੱਖਿਆ ਏਜੰਸੀਆਂ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਚੌਕਸੀ ਵਧਾਉਣ ਲਈ ਕਿਹਾ।