Punjab

ਪੰਜਾਬ ਕਾਂਗਰਸ ਵੱਲੋਂ ਮੁਹਾਲੀ ਥਾਣੇ ਦੇ ਬਾਹਰ ਬਾਜਵਾ ਦੇ ਹੱਕ ’ਚ ਧਰਨਾ

ਐੱਸਏਐੱਸ ਨਗਰ –ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਬੀਤੇ ਦਿਨੀਂ ਮੁਹਾਲੀ ਪੁਲੀਸ ਵੱਲੋਂ ਸਾਈਬਰ ਅਪਰਾਧ ਥਾਣਾ ਫੇਜ਼-7 ਵਿੱਚ ਦਰਜ ਕੀਤੇ ਕੇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਅੱਜ ਸ੍ਰੀ ਬਾਜਵਾ ਦੇ ਹੱਕ ਵਿੱਚ ਮੁਹਾਲੀ ਥਾਣੇ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤੀ। ਧਰਨੇ ਵਿੱਚ ਮਹਿਲਾ ਕਾਂਗਰਸ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਥਾਣੇ ਅੰਦਰ ਜਾਣ ਤੋਂ ਪਹਿਲਾਂ ਸ੍ਰੀ ਬਾਜਵਾ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਸਿਆਸੀ ਬਦਲਾਖੋਰੀ ਤਹਿਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਸ੍ਰੀ ਅਰੋੜਾ ਨੂੰ ਕੁੱਝ ਵੀ ਬੋਲਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟੀ ਫੇਰ ਲੈਣੀ ਚਾਹੀਦੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਉਹ ਝੂਠੇ ਕੇਸਾਂ ਤੋਂ ਡਰਨ ਵਾਲੇ ਨਹੀਂ ਹਨ। ਇਸ ਮੌਕੇ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਸ੍ਰੀ ਬਾਜਵਾ ਦੇ ਨਾਲ ਖੜ੍ਹੀ ਹੈ। ਸਰਕਾਰ ਦੀਆਂ ਵਧੀਕੀਆਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਮੀਡੀਆ ਦੀਆਂ ਖ਼ਬਰਾਂ ਦੇ ਹਵਾਲੇ ਨਾਲ ਬਾਜਵਾ ਨੇ ਜਿਹੜੇ ਬੰਬਾਂ ਦੀ ਗੱਲ ਕੀਤੀ ਸੀ, ਸਰਕਾਰ ਉਨ੍ਹਾਂ ਦਾ ਪਤਾ ਲਗਾਉਣ ਦੀ ਥਾਂ ਮੈਸੇਂਜਰ ਦੇ ਹੀ ਪਿੱਛੇ ਪੈ ਗਈ ਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਸੰਵਿਧਾਨਕ ਅਹੁਦੇ ਦੀ ਦੁਰਵਰਤੋਂ ਕੀਤੀ ਹੈ।