National

ਫ਼ੌਜ ਦੇ ਜਵਾਨਾਂ ਵੱਲੋਂ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ ਦਾ ਜਾਇਜ਼ਾ

ਅੰਮ੍ਰਿਤਸਰ-ਉੱਤਰਾਖੰਡ ’ਚ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ ਜੰਮੀ ਬਰਫ ਨੂੰ ਹਟਾਉਣ ਅਤੇ ਰਸਤੇ ਨੂੰ ਬਣਾਉਣ ਵਾਸਤੇ ਭਾਰਤੀ ਫੌਜੀ ਜਵਾਨਾਂ ਦਾ ਦਲ ਅੱਜ ਗੁਰਦੁਆਰਾ ਗੋਬਿੰਦ ਘਾਟ ਪੁੱਜ ਗਿਆ ਹੈ, ਜੋ 19 ਅਪਰੈਲ ਤੋਂ ਇਹ ਸੇਵਾ ਆਰੰਭ ਕਰ ਦੇਵੇਗਾ। ਲਗਪਗ 15000 ਫੁੱਟ ਦੀ ਉਚਾਈ ’ਤੇ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਤੋਂ ਸੰਗਤ ਲਈ ਖੋਲ੍ਹੇ ਜਾਣਗੇ। ਇਸ ਤੋਂ ਪਹਿਲਾਂ ਭਾਰਤੀ ਫੌਜ ਦੇ ਜਵਾਨਾਂ ਦੇ ਇਕ ਦਲ ਨੇ ਗੁਰਦੁਆਰੇ ਦੇ ਇਲਾਕੇ ਦਾ ਸਰਵੇਖਣ ਕੀਤਾ ਹੈ। ਗੁਰਦੁਆਰਾ ਹੇਮਕੁੰਟ ਸਾਹਿਬ ਤੱਕ ਦੇ ਮਾਰਗ ਦੀ ਰੇਕੀ ਕਰਕੇ ਆਈ ਟੀਮ ਦੇ ਮੁਤਾਬਕ ਇਸ ਵੇਲੇ ਅਟਲਾਕੋਟੀ ਗਲੇਸ਼ੀਅਰ ਪੂਰੀ ਤਰ੍ਹਾਂ ਬਰਫ ਨਾਲ ਢੱਕਿਆ ਹੋਇਆ ਹੈ ਅਤੇ ਇਸ ਦੇ ਉੱਪਰ ਲਗਪਗ 15-20 ਫੁੱਟ ਤੱਕ ਬਰਫ ਜੰਮੀ ਹੋਈ ਹੈ ਜਦੋਂ ਕਿ ਛੋਟੇ ਅਟਲਾਕੋਟੀ ਗਲੇਸ਼ੀਅਰ ’ਤੇ 10 ਫੁੱਟ ਤੱਕ ਬਰਫ ਹੈ। ਇਸੇ ਤਰ੍ਹਾਂ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ ਵੀ 8 ਤੋਂ 10 ਫੁੱਟ ਤੱਕ ਬਰਫ ਜੰਮੀ ਹੋਈ ਹੈ। ਗੁਰਦੁਆਰਾ ਗੋਬਿੰਦ ਧਾਮ ਤੋਂ ਲੈ ਕੇ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਛੇ ਕਿਲੋਮੀਟਰ ਲੰਬੇ ਮਾਰਗ ’ਤੇ ਵੀ ਦੋ ਤੋਂ ਸੱਤ ਫੁੱਟ ਤੱਕ ਬਰਫ ਜੰਮੀ ਹੋਈ ਹੈ।

ਗੁਰਦੁਆਰਾ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਸੰਗਤ ਵਾਸਤੇ ਖੋਲ੍ਹੇ ਜਾਣਗੇ ਜਦੋਂ ਕਿ ਇਹ ਸਾਲਾਨਾ ਯਾਤਰਾ 22 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਤੋਂ ਆਰੰਭ ਹੋਵੇਗੀ। ਉਨ੍ਹਾਂ ਦੱਸਿਆ ਕਿ ਗੁਰਦੁਆਰੇ ਅਤੇ ਇਸ ਦੇ ਯਾਤਰਾ ਮਾਰਗ ’ਚ ਜੰਮੀ ਬਰਫ ਨੂੰ ਹਟਾਉਣ ਅਤੇ ਹੋਰ ਪ੍ਰਬੰਧ ਕਰਨ ਵਿੱਚ ਲਗਭਗ ਤਿੰਨ ਹਫਤੇ ਤੋਂ ਇਕ ਮਹੀਨੇ ਦਾ ਸਮਾਂ ਲੱਗੇਗਾ। ਇਸ ਲਈ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਇਹ ਕੰਮ ਲਗਭਗ ਇਕ ਮਹੀਨਾਂ ਪਹਿਲਾਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਦੌਰਾਨ ਟਰੱਸਟ ਦੇ ਸੇਵਾਦਾਰਾਂ ਦਾ ਇੱਕ ਦਲ ਵੀ ਹੋਰ ਪ੍ਰਬੰਧਾਂ ਵਾਸਤੇ ਭਾਰਤੀ ਫੌਜ ਦੀ ਟੀਮ ਦੇ ਨਾਲ ਜਾਵੇਗਾ।