ਅਧਿਆਪਕ ਭਰਤੀ ਮਾਮਲਾ: ਸੁਪਰੀਮ ਕੋਰਟ ਨੇ ਬਰਖ਼ਾਸਤ ਅਧਿਆਪਕਾਂ ਦਾ ਸੇਵਾਕਾਲ ਵਧਾਇਆ
ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਨੂੰ ਵੱਡੀ ਰਾਹਤ ਦਿੰਦਿਆਂ ਬੀਤੇ ਦਿਨੀਂ ਬਰਖਾਸਤ ਕੀਤੇ ਅਧਿਆਪਕਾਂ ਦਾ ਸੇਵਾਕਾਲ 31 ਦਸੰਬਰ 2025 ਤੱਕ ਵਧਾ ਦਿੱਤਾ ਹੈ। ਚੀਫ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੈ ਕੁਮਾਰ ਦੇ ਬੈਂਚ ਨੇ ਸੂਬਾ ਸਰਕਾਰ ਵੱਲੋਂ ਦਿੱਤੀ ਇਸ ਜਾਣਕਾਰੀ ਦਾ ਨੋਟਿਸ ਲਿਆ ਕਿ ਵੱਖ-ਵੱਖ ਸਕੂਲਾਂ ’ਚ ਅਧਿਆਪਨ ਕਾਰਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਤੇ ਨਵੀਂ ਭਰਤੀ ’ਚ ਸਮਾਂ ਲੱਗੇਗਾ। ਹਾਲਾਂਕਿ, ਸਰਵਉੱਚ ਅਦਾਲਤ ਨੇ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਗਰੇਡ ‘ਸੀ’ ਅਤੇ ‘ਡੀ’ ਕਰਮਚਾਰੀਆਂ ਦੀਆਂ ਸੇਵਾਵਾਂ ਨਹੀਂ ਵਧਾਈਆਂ ਹਨ। ਅਦਾਲਤ ਨੇ ਸਰਕਾਰ ਨੂੰ 31 ਮਈ ਜਾਂ ਇਸ ਤੋਂ ਪਹਿਲਾਂ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਤੇ ਇਸ ਨੂੰ ਇਸ ਵਰ੍ਹੇ 31 ਦਸੰਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਸੂਬਾ ਸਰਕਾਰ ਤੇ ਪੱਛਮੀ ਬੰਗਾਲ ਸਕੂਲ ਸਰਵਿਸ ਕਮਿਸ਼ਨ ਨੂੰ 31 ਮਈ ਜਾਂ ਇਸ ਤੋਂ ਪਹਿਲਾਂ ਭਰਤੀ ਪ੍ਰਕਿਰਿਆ ਦੇ ਸ਼ੁਰੂ ਹੋਣ ਬਾਰੇ ਹਲਫ਼ਨਾਮਾ ਦਾਇਰ ਕਰਨ ਲਈ ਵੀ ਆਖਿਆ ਹੈ।