ਪਹਿਲਗਾਮ ਹਮਲੇ ਤੋਂ ਬਾਅਦ ਸਰਕਾਰ ਦੀ ਸਪੱਸ਼ਟ ਰਣਨੀਤੀ ਸਾਹਮਣੇ ਨਹੀਂ ਆਈ: ਖੜਗੇ
ਨਵੀਂ ਦਿੱਲੀ-ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਕਿਹਾ ਕਿ ਪਹਿਲਗਾਮ ਅਤਿਵਾਦੀ ਹਮਲੇ ਕਾਰਨ ਪੈਦਾ ਹੋਏ ਹਾਲਾਤ ਤੋਂ ਨਜਿੱਠਣ ਲਈ ਸਰਕਾਰ ਵੱਲੋਂ ਕੋਈ ਸਪੱਸ਼ਟ ਰਣਨੀਤੀ ਸਾਹਮਣੇ ਨਹੀਂ ਆਈ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਸਾਰੀ ਵਿਰੋਧੀ ਧਿਰ ਕੇਂਦਰ ਸਰਕਾਰ ਦੇ ਨਾਲ ਹੈ।
ਪਾਰਟੀ ਦੇ 24, ਅਕਬਰ ਰੋਡ ਸਥਿਤ ਦਫ਼ਤਰ ਵਿੱਚ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਵਿੱਚ ਆਪਣੇ ਸੰਬੋਧਨ ਦੌਰਾਨ ਖੜਗੇ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਪਾਰਟੀ ਦੀ ਜਾਤ ਆਧਾਰਿਤ ਜਨਗਣਨਾ ਦੀ ਮੰਗ ਨੂੰ ਸਵੀਕਾਰ ਕਰ ਲਿਆ ਹੈ ਪਰ ਇਸ ਫੈਸਲੇ ਦੇ ਸਮੇਂ ਨੇ ‘ਸਾਨੂੰ ਹੈਰਾਨ ਕਰ ਦਿੱਤਾ ਹੈ’। ਉਨ੍ਹਾਂ ਜਾਤ ਆਧਾਰਿਤ ਜਨਗਣਨਾ ਸਬੰਧੀ ਫੈਸਲੇ ਨੂੰ ਲੈ ਕੇ ਸਰਕਾਰ ਦੇ ਇਰਾਦੇ ’ਤੇ ਸ਼ੱਕ ਜ਼ਾਹਿਰ ਕੀਤਾ ਅਤੇ ਪਾਰਟੀ ਆਗੂਆਂ ਨੂੰ ਕਿਹਾ ਕਿ ਜਾਤੀ ਸਰਵੇਖਣ ਦੇ ਮੁੱਦੇ ਨੂੰ ਤਰਕ ਆਧਾਰਿਤ ਨਤੀਜੇ ਤੱਕ ਲਿਜਾਣ ਲਈ ਚੌਕਸ ਰਹਿਣ। ਕਾਂਗਰਸ ਪ੍ਰਧਾਨ ਨੇ ਜਾਤ ਆਧਾਰਿਤ ਜਨਗਣਨਾ ਕਰਵਾਉਣ ਦੇ ਸਰਕਾਰ ਦੇ ਫੈਸਲੇ ਦਾ ਸਿਹਰਾ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਸਿਰ ’ਤੇ ਬੰਨ੍ਹਦਿਆਂ ਕਿਹਾ, ‘‘ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਨੇ ਇਕ ਵਾਰ ਮੁੜ ਤੋਂ ਸਾਬਿਤ ਕਰ ਦਿੱਤਾ ਹੈ ਕਿ ਜੇਕਰ ਅਸੀਂ ਲੋਕਾਂ ਦੇ ਮੁੱਦਿਆਂ ਨੂੰ ਇਮਾਨਦਾਰੀ ਨਾਲ ਉਠਾਉਂਦੇ ਹਾਂ ਤਾਂ ਸਰਕਾਰ ਨੂੰ ਝੁਕਣਾ ਪੈਂਦਾ ਹੈ।’’ ਕਾਂਗਰਸ ਵਰਕਿੰਗ ਕਮੇਟੀ ਦੀ ਪਿਛਲੀ ਮੀਟਿੰਗ ਵਿੱਚ ਅਤਿਵਾਦ ਖ਼ਿਲਾਫ਼ ਲੜਾਈ ਵਿੱਚ ਕੇਂਦਰ ਨੂੰ ਦਿੱਤੇ ਗਏ ਹਰ ਸੰਭਵ ਸਹਿਯੋਗ ਦੇ ਭਰੋਸੇ ਦਾ ਜ਼ਿਕਰ ਕੀਤਾ।