National

ਸ਼ਹਾਦਤ ਦੇਣ ਵਾਲਿਆਂ ਨੂੰ ਨਮ ਅੱਖਾਂ ਨਾਲ ਵਿਦਾਇਗੀ

ਜੰਮੂ-ਪਾਕਿਸਤਾਨੀ ਗੋਲਾਬਾਰੀ ’ਚ ਮਾਰੇ ਗਏ ਰਾਈਫਲਮੈਨ ਸੁਨੀਲ ਕੁਮਾਰ ਤੇ ਜੰਮੂ ਕਸ਼ਮੀਰ ਪ੍ਰਸ਼ਾਸਨਿਕ ਸੇਵਾ (ਜੇਕੇਏਐੱਸ) ਅਫਸਰ ਰਾਜ ਕੁਮਾਰ ਥਾਪਾ ਨੂੰ ਅੱਜ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਦੌਰਾਨ ਵੱਡੀ ਗਿਣਤੀ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ ਹੋਏ ਸਨ। ਦੋਵਾਂ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਇਸੇ ਦੌਰਾਨ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਤੇ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੇ ਸ਼ਹੀਦ ਹੋਏ ਬੀਐੱਸਐੱਫ ਦੇ ਸਬ ਇੰਸਪੈਕਟਰ ਮੁਹੰਮਦ ਇਮਤਿਆਜ਼ ਨੂੰ ਸ਼ਰਧਾਂਜਲੀ ਭੇਟ ਕੀਤੀ।

ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨੀ ਗੋਲਾਬਾਰੀ ’ਚ ਸ਼ਹੀਦ ਹੋਏ ਨੌਜਵਾਨ ਰਾਈਫਲਮੈਨ ਸੁਨੀਲ ਕੁਮਾਰ (25) ਦਾ ਸਸਕਾਰ ਅੱਜ ਜ਼ੀਰੋ ਲਾਈਨ ਨੇੜੇ ਉਸ ਦੇ ਪਿੰਡ ’ਚ ਕੀਤਾ ਗਿਆ। 4-ਜੇਏਕੇਐੱਲਆਈ ਨਾਲ ਤਾਇਨਾਤ ਸੁਨੀਲ ਕੁਮਾਰ ਸ਼ਨਿੱਚਰਵਾਰ ਨੂੰ ਆਰਐੱਸ ਪੁਰਾ ਸੈਕਟਰ ’ਚ ਕੌਮਾਂਤਰੀ ਸਰਹੱਦ ’ਤੇ ਸਰਹੱਦ ਪਾਰੋਂ ਹੋਈ ਗੋਲਾਬਾਰੀ ’ਚ ਗੰਭੀਰ ਜ਼ਖ਼ਮੀ ਹੋ ਗਿਆ ਸੀ ਤੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ ਸੀ। ਉਸ ਦੇ ਸਸਕਾਰ ਮੌਕੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ। ਇਸੇ ਤਰ੍ਹਾਂ ਆਪਣੇ ਰਿਹਾਇਸ਼ੀ ਕੰਪਾਊਂਡ ’ਤੇ ਪਾਕਿਸਤਾਨੀ ਮੋਰਟਾਰ ਸ਼ੈੱਲ ਡਿੱਗਣ ਕਾਰਨ ਮਾਰੇ ਗਏ ਜੇਕੇਏਐੱਸ ਅਫਸਰ ਰਾਜ ਕੁਮਾਰ ਥਾਪਾ ਦਾ ਅੱਜ ਇੱਥੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਤੇ ਜੰਮੂ ਕਸ਼ਮੀਰ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਸੁਨੀਲ ਸ਼ਰਮਾ ਸਮੇਤ ਵੱਡੀ ਗਿਣਤੀ ਲੋਕ ਰਾਜ ਕੁਮਾਰ ਥਾਪਾ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ ਹੋਏ ਸਨ। ਥਾਪਾ ਦੀ ਦੇਹ ਪੁਲੀਸ ਦੇ ਵਾਹਨ ਰਾਹੀਂ ਜੰਮੂ ਸ਼ਹਿਰ ਦੇ ਬਾਹਰਵਾਰ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਲਿਆਂਦੀ ਗਈ ਤੇ ਫਿਰ ਸ਼ਮਸ਼ਾਨਘਾਟ ਲਿਜਾਈ ਗਈ। ਉਪ ਰਾਜਪਾਲ ਮਨੋਜ ਸਿਨਹਾ ਨੇ ਵੀ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ।

ਇਸੇ ਦੌਰਾਨ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਤੇ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੇ ਪਾਕਿਸਤਾਨੀ ਗੋਲਾਬਾਰੀ ’ਚ ਸ਼ਹੀਦ ਹੋਏ ਬੀਐੱਸਐੱਫ ਦੇ ਸਬ-ਇੰਸਪੈਕਟਰ ਮੁਹੰਮਦ ਇਮਤਿਆਜ਼ ਨੂੰ ਸ਼ਰਧਾਂਜਲੀ ਭੇਟ ਕੀਤੀ।