ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ-ਨਿਹੰਗ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿੱਚ ਸਾਰੀਆਂ ਆਹਲੂਵਾਲੀਆ ਸਭਾਵਾਂ ਨੇ ਖ਼ਾਲਸਾ ਪੰਥ ਦੇ ਜਰਨੈਲ ਬਾਬਾ ਜੱਸਾ ਸਿੰਘ ਆਹਲੂਵਾਲੀਆ (ਸੁਲਤਾਨ-ਉਲ-ਕੌਮ ਤੇ ਬੁੱਢਾ ਦਲ ਦੇ ਚੌਥੇ ਜਥੇਦਾਰ) ਦਾ 307ਵਾਂ ਜਨਮ ਦਿਹਾੜਾ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ।
ਇਸ ਮੌਕੇ ਜਥੇਬੰਦੀ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਫ਼ੈਸਲਾ ਜਾਇਜ਼ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਉਨ੍ਹਾਂ ਦੀ ਪਤਨੀ ਬੀਬੀ ਹਰਸ਼ਰਨ ਕੌਰ ਦਾ ਵਿਸ਼ੇਸ਼ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਜਰਨੈਲ ਬਾਬਾ ਜੱਸਾ ਸਿੰਘ ਨੂੰ ਭਗਤੀ ਸ਼ਕਤੀ ਦਾ ਸੁਮੇਲ ਦੱਸਿਆ। ਉਨ੍ਹਾਂ ਪੰਜਾਬ ਸਰਕਾਰ ਨੂੰ ਅਕਾਲੀ ਬਾਬਾ ਫੂਲਾ ਸਿੰਘ ਤੇ ਜਰਨੈਲ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਤਾਂਬੇ ਦੇ ਬੁੱਤ ਸਰੂਪ ਬਣਾ ਕੇ ਸਥਾਪਤ ਕਰਨ ਦੀ ਮੰਗ ਕੀਤੀ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਸੰਤ ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬੀਬੀ ਹਰਪ੍ਰੀਤ ਕੌਰ ਤੇ ਬੀਬੀ ਸੁਖਜੀਤ ਕੌਰ ਰੋਜ਼ੀ ਦੇ ਜਥਿਆਂ ਨੇ ਸ਼ਬਦ ਗਾਇਨ ਕੀਤਾ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਗਿਆਨੀ ਸੁਲਤਾਨ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਅੰਮ੍ਰਿਤਸਰ ਕਾਰਪੋਰੇਸ਼ਨ ਦੇ ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ, ਦਿਲਜੀਤ ਸਿੰਘ ਬੇਦੀ ਤੇ ਹਰਪਾਲ ਸਿੰਘ ਆਹਲੂਵਾਲੀਆ ਨੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਨੂੰ ਸਤਿਕਾਰ ਭੇਟ ਕੀਤਾ। ਇਸ ਦੌਰਾਨ ਬਾਬਾ ਬਲਬੀਰ ਸਿੰਘ ਨੇ ਪੀਲੀਭੀਤ ਵਿੱਚ ਤਿੰਨ ਹਜ਼ਾਰ ਸਿੱਖਾਂ ਦੇ ਧਰਮ ਪਰਿਵਰਤਨ ’ਤੇ ਦੁੱਖ ਪ੍ਰਗਟਾਇਆ।