Punjab

ਸੈਣੀ ਵੱਲੋਂ ਮੌਨਸੂਨ ਤੋਂ ਪਹਿਲਾਂ ਡਰੇਨਾਂ ਦੀ ਸਫ਼ਾਈ ਦੇ ਹੁਕਮ

ਚੰਡੀਗੜ੍ਹ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੌਨਸੂਨ ਸੀਜ਼ਨ ਤੋਂ ਪਹਿਲਾਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਸ੍ਰੀ ਸੈਣੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਡਰੇਨਾਂ ਦੀ ਸਫ਼ਾਈ ਸਣੇ ਹੋਰ ਕੰਮ ਮੁਕੰਮਲ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ 15 ਜੂਨ ਤੋਂ ਪਹਿਲਾਂ ਸੂਬੇ ਦੀਆਂ ਸਾਰੀਆਂ ਡਰੇਨਾਂ ਦੀ ਸਫ਼ਾਈ ਮੁਕੰਮਲ ਕੀਤੀ ਜਾਵੇ। 10 ਜੂਨ ਨੂੰ ਹਰਿਆਣਾ ਦੇ ਮੁੱਖ ਸਕੱਤਰ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਅਧਿਕਾਰੀ ਵੱਲੋਂ ਡਰੇਨਾਂ ਦੀ ਸਫ਼ਾਈ ਜਾਂ ਹੋਰ ਲੋੜੀਂਦੇ ਕੰਮ ’ਚ ਢਿੱਲ ਵਰਤੀ ਗਈ ਤਾਂ ਉਸ ਅਧਿਕਾਰੀ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਸ੍ਰੀ ਸੈਣੀ ਨੇ ਡਿਪਟੀ ਕਮਿਸ਼ਨਰਾਂ ਨੂੰ ਪਾਣੀ ਭਰਨ ਵਾਲੇ ਇਲਾਕਿਆਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਟਾਂਗਰੀ ਤੇ ਮਾਰਕੰਡਾ ਨਦੀਆਂ ਵਿੱਚੋਂ ਗਾਰ ਕੱਢਣ ਦੇ ਨਿਰਦੇਸ਼ ਦਿੱਤੇ।