ਸੁਖਬੀਰ ਵੱਲੋਂ ਦੰਗਾ ਪੀੜਤ ਪਰਿਵਾਰਾਂ ਨਾਲ ਮੀਟਿੰਗ
ਲੁਧਿਆਣਾ-ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਚੋਣ ਮੁਹਿੰਮ ਭਖਾਉਣ ਲਈ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸੁਖਬੀਰ ਨੇ ਅੱਜ ਵਿਸ਼ਾਲ ਨਗਰ ਸਥਿਤ ਅਕਾਲੀ ਆਗੂ ਗੁਰਮੇਲ ਸਿੰਘ ਪਰਦੇਸੀ ਦੇ ਗ੍ਰਹਿ ਵਿੱਚ ਦੰਗਾ ਪੀੜਤ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਨਾਲ ਮੀਟਿੰਗ ਕਰਕੇ ਚੋਣ ਸਬੰਧੀ ਵਿਚਾਰ ਵਟਾਂਦਰਾ ਕੀਤਾ।
ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਤੋਂ ਪ੍ਰੇਸ਼ਾਨ ਹੋ ਕੇ ਅਕਾਲੀ ਦਲ ਵੱਲ ਵੇਖ ਰਹੇ ਹਨ ਕਿਉਂਕਿ ਅਕਾਲੀ ਦਲ ਦੀ ਸਰਕਾਰ ਵੱਲੋਂ 10 ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕੰਮਾਂ ਤੋਂ ਬਾਅਦ ਪੰਜਾਬ ਵਿੱਚ ਇੱਕ ਵੀ ਕੰਮ ਸਿਰੇ ਨਹੀਂ ਚੜ੍ਹਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਸਿਰਫ਼ ਚੋਣ ਜਿੱਤਣ ਲਈ ਝੂਠ ਅਤੇ ਫ਼ਰੇਬ ਦੀ ਰਾਜਨੀਤੀ ਕਰ ਰਹੇ ਹਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਨਿੱਤ ਨਵੇਂ ਜੁਮਲੇ ਛੱਡ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪ ਦੀਆਂ ਜੁਮਲੇਬਾਜ਼ੀਆਂ, ਕਾਂਗਰਸ ਦੀ ਅੰਦਰੂਨੀ ਫੁੱਟ ਅਤੇ ਭਾਜਪਾ ਦੀਆਂ ਪੰਜਾਬ ਵਿਰੋਧੀ ਨੀਤੀਆਂ ਨੂੰ ਵੇਖਦਿਆਂ ਅਕਾਲੀ ਦਲ ਦੇ ਉਮੀਦਵਾਰ ਨੂੰ ਕਾਮਯਾਬ ਕਰਨ।
ਇਸ ਮੌਕੇ ਸੁਖਬੀਰ ਬਾਦਲ ਨੇ ਸੁਰਜੀਤ ਸਿੰਘ ਦੁੱਗਰੀ ਦੀ ਵਾਰਡ ਨੰਬਰ 54 ਦੇ ਇਲਾਕੇ ਵਿੱਚ ਡਿਊਟੀ ਲਗਾਈ। ਇਸ ਮੌਕੇ ਦਲਜੀਤ ਸਿੰਘ ਸੋਨੀ, ਹਰਦੀਪ ਕੌਰ, ਜਸਵੀਰ ਕੌਰ, ਗੁਰਮੀਤ ਕੌਰ, ਇੰਦਰਪਾਲ ਸਿੰਘ ਵਿੱਕੀ ਅਤੇ ਸਤਨਾਮ ਸਿੰਘ ਸੱਤਾ ਵੀ ਹਾਜ਼ਰ ਸਨ।