ਅਹਿਮਦਾਬਾਦ ਵਿਚ ਮੇਘਾਨੀਨਗਰ ਨੇੜੇ ਏਅਰ ਇੰਡੀਆ ਦਾ ਜਹਾਜ਼ ਹਾਦਸਾਗ੍ਰਸਤ
ਅਹਿਮਦਾਬਾਦ-ਇਥੇ ਸਰਦਾਰ ਵੱਲਭਭਾਈ ਪਟੇਲ ਹਵਾਈ ਅੱਡੇ ਨੇੜੇ ਮੇਘਾਨੀਨਗਰ ਇਲਾਕੇ ਵਿਚ ਦੁਪਹਿਰ 2 ਵਜੇ ਦੇ ਕਰੀਬ ਉਡਾਣ ਭਰਨ ਮੌਕੇ ਏਅਰ ਇੰਡੀਆ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਪੁਲੀਸ ਕੰਟਰੋਲ ਰੂਮ ਮੁਤਾਬਕ ਏਅਰ ਇੰਡੀਆ ਦੀ ਉਡਾਣ ਏਆਈ 171 ਅਹਿਮਦਾਬਾਦ ਤੋਂ ਲੰਡਨ ਜਾ ਰਹੀ ਸੀ। ਜਹਾਜ਼ ਵਿਚ ਪਾਇਲਟ ਤੇ ਹੋਰ ਅਮਲੇ ਸਣੇ 242 ਯਾਤਰੀ ਸਵਾਰ ਦੱਸੇ ਜਾਂਦੇ ਹਨ। ਹਾਦਸਾ ਜਹਾਜ਼ ਦੇ ਹਵਾਈ ਅੱਡੇ ਦੀ ਬਾਊਂਡਰੀ ਵਾਲ ਨਾਲ ਟਕਰਾਉਣ ਕਰਕੇ ਵਾਪਰਿਆ ਦੱਸਿਆ ਜਾਂਦਾ ਹੈ।
ਏਅਰ ਇੰਡੀਆ ਨੇ ਐਕਸ ’ਤੇ ਇਕ ਪੋਸਟ ਵਿਚ ਹਾਦਸੇ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਫਾਇਰ ਅਫ਼ਸਰ ਜਯੇਸ਼ ਖਾਦੀਆ ਨੇ ਕਿਹਾ ਕਿ ਅੱਗ ਬੁਝਾਉਣ ਲਈ ਫਾਇਰ ਟੈਂਡਰ ਮੌਕੇ ’ਤੇ ਭੇਜੇ ਗਏ। ਇੱਕ ਅਧਿਕਾਰੀ ਨੇ ਦੱਸਿਆ ਕਿ ਕਈ ਜ਼ਖਮੀਆਂ ਨੂੰ ਸ਼ਹਿਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਹਾਦਸੇ ਤੋਂ ਫੌਰੀ ਮਗਰੋਂ ਇਲਾਕੇ ਤੋਂ ਕਾਲੇ ਧੂੰਏਂ ਦਾ ਇੱਕ ਵੱਡਾ ਗੁਬਾਰ ਉੱਠਦਾ ਦੇਖਿਆ ਗਿਆ। ਐਮਰਜੈਂਸੀ ਟੀਮਾਂ ਫੌਰੀ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ, ਨਿਕਾਸੀ ਅਤੇ ਅੱਗ ਬੁਝਾਉਣ ਦੇ ਕਾਰਜ ਸ਼ੁਰੂ ਕਰ ਦਿੱਤੇ।